ਬਰਨਾਲਾ: ਪੰਜਾਬ ਸਰਕਾਰ ਵੱਲੋਂ ਹਟਾਏ ਗਏ 4300 ਜੀ.ਓ.ਜੀਜ਼ ਅਤੇ ਮੰਤਰੀ ਫੌਜਾ ਸਿੰਘ ਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਰਤੀ ਗਈ ਗਲਤ ਸ਼ਬਦਾਵਲੀ ਦੇ ਵਿਰੋਧ ਵਿੱਚ ਪੰਜਾਬ ਭਰ ਤੋਂ ਇਕੱਠੇ ਹੋਏ ਸਾਬਕਾ ਫੌਜੀਆਂ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਘਿਰਾਓ ਕੀਤਾ ਗਿਆ।
ਇਸ ਮੌਕੇ ਸਾਬਕਾ ਫੌਜੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਸਾਬਕਾ ਫੌਜੀਆਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਦੀ ਕੋਠੀ ਨੇੜੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਜਿਥੇ ਪੁਲਿਸ ਅਤੇ ਸਾਬਕਾ ਫੌਜੀਆਂ 'ਚ ਤਕਰਾਰ ਵੀ ਹੋਈ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਸਾਬਕਾ ਫੌਜੀਆਂ ਨੇ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਵੱਲੋਂ 4300 ਸਾਬਕਾ ਸੈਨਿਕਾਂ ਨੂੰ ਜੀ.ਓ.ਜੀਜ਼ ਵਜੋਂ ਤਾਇਨਾਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰੀ ਵਿਭਾਗਾਂ ਵਿੱਚ ਰਿਸ਼ਵਤਖੋਰੀ ਘਟ ਗਈ ਸੀ। ਪਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੀਤੀ 9 ਸਤੰਬਰ ਨੂੰ ਸਾਰੇ 4300 ਜੀ.ਓ.ਜੀਜ਼ ਨੂੰ ਬਿਨਾਂ ਕੋਈ ਕਾਰਨ ਦੱਸੇ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ। ਜਿਸਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੰਤਰੀ ਫੌਜਾ ਸਿੰਘ ਅਤੇ ਗੁਰਮੀਤ ਸਿੰਘ ਵੱਲੋਂ ਸਾਬਕਾ ਫੌਜੀਆਂ ਲਈ ਵਰਤੀ ਗਈ ਗਲਤ ਸ਼ਬਦਾਵਲੀ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਤੋਂ ਸਾਬਕਾ ਫੌਜੀ ਇਕੱਠੇ ਹੋਏ। ਜਦਕਿ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸਾਬਕਾ ਫੌਜੀਆਂ ਵਲੋਂ ਫੌਜਾ ਸਿੰਘ ਦਾ ਘਿਰਾਓ ਵੀ ਕੀਤਾ ਗਿਆ ਸੀ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਤਾਇਨਾਤ ਜੀ.ਓ.ਜੀ ਵੱਲੋਂ ਵੱਡੇ ਪੱਧਰ 'ਤੇ ਰਿਸ਼ਵਤਖੋਰੀ 'ਤੇ ਕਾਬੂ ਪਾਇਆ ਗਿਆ ਸੀ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਾਰੇ ਸਾਬਕਾ ਫੌਜੀਆਂ ਨੂੰ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਹਟਾਏ ਗਏ ਸਾਰੇ ਜੀ.ਓ.ਜੀਜ਼ ਨੂੰ ਦੁਬਾਰਾ ਨਾ ਰੱਖਿਆ ਗਿਆ ਅਤੇ ਸਾਬਕਾ ਫੌਜੀਆਂ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਲਈ ਕੈਬਨਿਟ ਮੰਤਰੀਆਂ ਨੇ ਮੁਆਫ਼ੀ ਨਾ ਮੰਗੀ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਇੱਕ ਵਿਧਾਇਕ ਇੱਕ ਪੈਨਸ਼ਨ ਦੇ ਸਕੀਮ ਵਿੱਚ ਸੁਣਵਾਈ, ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ