ਬਰਨਾਲਾ: ਕਸਬਾ ਸ਼ੇਰਪੁਰ ਦੇ ਪਿੰਡ ਟਿੱਬਾ ਵਿਖੇ ਇੱਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁ਼ਦਕੁਸ਼ੀ ਕਰਨ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਇਨਸਾਫ਼ ਨਾ ਮਿਲਣ ਨੂੰ ਲੈ ਕੇ ਥਾਣਾ ਸ਼ੇਰਪੁਰ ਅੱਗੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਧਰ, ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਸਹੁਰਾ ਪਰਿਵਾਰ ਵਿਰੁਧ ਧਾਰਾ 306 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਸ਼ੇਰਪੁਰ ਥਾਣੇ ਅੱਗੇ ਪ੍ਰਦਰਸ਼ਨ ਦੌਰਾਨ ਮ੍ਰਿਤਕ ਲੜਕੀ ਦੇ ਬਰਨਾਲਾ ਤੋਂ ਰਿਸ਼ਤੇਦਾਰ ਸਰੂਪ ਸਿੰਘ ਨੇ ਕਿਹਾ ਕਿ ਉਹ ਤਿੰਨ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਰਿਸ਼ਤੇਦਾਰ ਰਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਲਾਸ਼ ਦਾ ਸਸਕਾਰ ਕਰਨ ਅਤੇ ਘਰ ਜਾਣ ਲਈ ਕਹਿ ਰਹੀ ਹੈ।
ਪ੍ਰਦਰਸ਼ਨ ਕਰ ਰਹੇ ਪੇਕੇ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਦੀ ਲੜਕੀ ਦੀ ਮੌਤ ਲਈ ਜ਼ਿੰਮੇਵਾਰ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਇਨਸਾਫ ਲਈ ਧਰਨਾ ਦਿੰਦੇ ਰਹਿਣਗੇ।