ਬਰਨਾਲਾ: ਡੀਸੀ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਲਾਕ ਸ਼ਹਿਣਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈ ਗ੍ਰਾਂਟਾਂ ਨਾਲ ਵਿਕਾਸ ਦੇ ਕੰਮ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਇਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ ਅਤੇ ਮੌਕੇ ’ਤੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਗਈ ਕਿ ਇਨਾਂ ਕਾਰਜਾਂ ਨੂੰ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਹੋਰ ਕੰਮਾਂ ਦੀ ਵੀ ਸ਼ੁਰੂਆਤ ਕਰਵਾਈ ਗਈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਜੋ ਫੰਡ ਪੰਚਾਇਤਾਂ ਦੇ ਖਾਤਿਆਂ ’ਚ ਪਏ ਹਨ, ਉਨ੍ਹਾਂ ਫੰਡਾਂ ਨਾਲ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾ ਕੇ ਇਹ ਫੰਡ 31 ਮਾਰਚ ਤੱਕ ਖਤਮ ਕਰ ਦਿੱਤੇ ਜਾਣ ਤਾਂ ਜੋ ਅਗਲੇ ਵਿੱਤੀ ਸਾਲ ਦੌਰਾਨ ਪੰਚਾਇਤਾਂ ਨੂੰ ਹੋਰ ਫੰਡ ਵਿਕਾਸ ਦੇ ਕਾਰਜਾਂ ਲਈ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਨੇਪਰੇ ਚਾੜਨ ਵਾਲੀਆਂ ਪੰਚਾਇਤਾਂ ਨੂੰ ਹੋਰ ਫੰਡ ਵੀ ਮੁਹੱਈਆ ਕਰਵਾਏ ਜਾਣਗੇ।