ਬਰਨਾਲਾ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇ-ਕਮਿਸ਼ਨ ਵਿਰੁੱਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਸਮੇਤ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚਲਦਿਆਂ ਪਿਛਲੇ ਤਿੰਨ ਦਿਨਾਂ ਤੋਂ ਡਾਕਟਰਾਂ ਦੀ ਹੜਤਾਲ ਚੱਲ ਰਹੀ ਹੈ। ਡਾਕਟਰਾਂ ਦੀ ਹੜਤਾਲ ਕਾਰਨ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਲੈ ਕੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਆਪਣੀ ਹੜਤਾਲ ਦੇ ਚੱਲਦਿਆਂ ਸਰਕਾਰੀ ਓਪੀਡੀ ਬੰਦ ਕਰਕੇ ਪ੍ਰਾਈਵੇਟ ਤੌਰ 'ਤੇ ਪਾਰਕ ਵਿੱਚ ਓਪੀਡੀ ਕਰਕੇ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਸੰਘਰਸ਼ਕਾਰੀ ਡਾਕਟਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੇ ਪੇ ਕਮਿਸ਼ਨ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਦੀ ਲਗਾਤਾਰ ਤਿੰਨ ਦਿਨਾਂ ਤੋਂ ਹੜਤਾਲ ਚੱਲ ਰਹੀ ਹੈ। ਇਸ ਹੜਤਾਲ ਦੌਰਾਨ ਸਰਕਾਰੀ ਹਸਪਤਾਲ ਵਿਚ ਗਾਇਨੀ, ਕੋਰੋਨਾ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਹੋਰ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਉਨ੍ਹਾਂ ਦੀ ਹੜਤਾਲ ਕਾਰਨ ਪ੍ਰੇਸ਼ਾਨੀ ਆ ਰਹੀ ਸੀ। ਜਿਸ ਨੂੰ ਹੱਲ ਕਰਨ ਲਈ ਉਨ੍ਹਾਂ ਵੱਲੋਂ ਸਰਕਾਰੀ ਹਸਪਤਾਲ ਦੇ ਪਾਰਕ ਵਿਚ ਸਰਕਾਰੀ ਓਪੀਡੀ ਦੀ ਥਾਂ ਡਾਕਟਰਾਂ ਦੀ ਐਸੋਸੀਏਸ਼ਨ ਦੀਆਂ ਪਰਚੀਆਂ 'ਤੇ ਓਪੀਡੀ ਕੀਤੀ ਜਾ ਰਹੀ ਹੈ। ਜਿਸ ਦੌਰਾਨ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਅਤੇ ਇਲਾਜ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਰੈੱਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਾਰਕ ਵਿੱਚ ਓਪਨ ਓਪੀਡੀ ਲਗਾਤਾਰ ਤਿੰਨ ਦਿਨ ਰਹੇਗੀ। ਜੇਕਰ ਤਿੰਨ ਦਿਨਾਂ ਬਾਅਦ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਸੋਮਵਾਰ ਤੋਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ।