ਬਰਨਾਲਾ: ਦੇਸ਼ ਭਰ ਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਪੰਜਾਬ ਚੋਂ ਵੀ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋ ਹਰ ਇਕ ਤਰ੍ਹਾਂ ਦੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਦੇ ਮਾੜੇ ਪਭਾਅ ਤੋਂ ਬਚਾ ਸਕਣ। ਇਸੇ ਦੇ ਚੱਲਦੇ ਬਰਨਾਲਾ ਪੁਲਿਸ ਵੱਲੋਂ ਜਿਲ੍ਹੇ ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ
ਦੱਸ ਦਈਏ ਕਿ ਬਰਨਾਲਾ ਪੁਲਿਸ ਨੇ ਜਿਲ੍ਹੇ ’ਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਜਿਸਦੇ ਚੱਲਦੇ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਅਤੇ ਸਪੀਕਰਾਂ ਰਾਹੀ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਲੋਕਾਂ ਨੂੰ ਸੁਚੇਤ ਹੋਣ ਦੀ ਲੋੜ- ਮੈਡੀਕਲ ਅਫ਼ਸਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਵਿਭਾਗ ਦੇ ਮੈਡੀਕਲ ਅਫ਼ਸਰ ਡਾ.ਰਾਹੁਲ ਗੋਇਲ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਵਾਇਰਸ ਦਾ ਦੂਜਾ ਪੜਾਅ ਸ਼ੁਰੂ ਹੋਇਆ ਹੈ। ਉਸਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਇਸ ਨਾਲੋਂ ਡਰਣ ਦੀ ਥਾਂ ’ਤੇ ਸੁਚੇਤ ਹੋਣ ਦੀ ਲੋੜ ਹੈ। ਜਿਸ ਲਈ ਮਾਸਕ ਪਹਿਨਣਾ ਜ਼ਰੂਰੀ ਹੈ। ਵਾਰ ਵਾਰ ਹੱਥ ਧੋਣਾ ਜ਼ਰੂਰੀ ਹੈ। ਇਸਦੇ ਚੱਲਦਿਆਂ ਹੀ ਪੁਲਿਸ ਪ੍ਰਸ਼ਾਸ਼ਨ ਵਲੋਂ ਲੋਕਾਂ ਨੂੰ ਸਾਬਣ ਅਤੇ ਮਾਸਕ ਵੰਡੇ ਜਾ ਰਹੇ ਹਨ।