ਬਰਨਾਲਾ: ਜ਼ਿਲ੍ਹੇ ਦੇ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦੇ ਦੂਜੇ ਦਿਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਨੇ ਵਰਚੂਅਲ ਤਰੀਕੇ ਸ਼ਮੂਲੀਅਤ ਕਰਦਿਆਂ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਹੌਸਲਾ ਅਫ਼ਜਾਈ ਕੀਤੀ।
ਉਨ੍ਹਾਂ ਨੇ ਗੱਲਬਾਤ ਕਰਦਿਆਂ ਮਾਪਿਆਂ ਨੂੰ ਵਿਸਵਾਸ਼ ਦਿਵਾਇਆ ਕਿ ਸਰਕਾਰੀ ਸਕੂਲਾਂ 'ਚ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਉੱਚ ਸਿੱਖਿਅਤ ਅਧਿਆਪਕ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਜਿੱਥੇ ਸਵੈ ਇੱਛਾ ਨਾਲ ਸਕੂਲ ਸਮੇਂ ਤੋਂ ਵਾਧੂ ਜਮਾਤਾਂ ਲਗਾ ਰਹੇ ਹਨ, ਉੱਥੇ ਸਵੈ ਇੱਛਾ ਨਾਲ ਹੀ ਵਿਦਿਆਰਥੀਆਂ ਨੂੰ ਸਵੇਰੇ ਸ਼ਾਮ ਫ਼ੋਨ ਕਰਕੇ ਪੜ੍ਹਨ ਲਈ ਵੀ ਪ੍ਰੇਰਤ ਕਰ ਰਹੇ ਹਨ। ਉਨ੍ਹਾਂ ਸਰਕਾਰੀ ਹਾਈ ਸਮਾਰਟ ਸਕੂਲ ਧੂਰਕੋਟ ਦੇ ਹੈਡਮਿਸਟ੍ਰੈਸ ਹਰਪ੍ਰੀਤ ਕੌਰ ਤੇ ਸਰਕਾਰੀ ਹਾਈ ਸਮਾਰਟ ਸਕੂਲ ਮਹਿਲ ਖੁਰਦ ਦੇ ਹੈਡਮਾਸਟਰ ਕੁਲਦੀਪ ਸਿੰਘ ਨਾਲ ਗੱਲਬਾਤ ਕਰਨ ਤੋਂ ਇਲਾਵਾ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਬੱਚਿਆਂ ਦੀ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਪੜ੍ਹਾਈ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਸਿੱਖਿਆ ਸਕੱਤਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਹੁਣ ਜਦੋਂ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ ਤਾਂ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਸ਼ਲਿੰਦਰ ਸਿੰਘ ਸਹਾਇਕ ਡਾਇਰੈਕਟਰ(ਟ੍ਰੇਨਿੰਗਾਂ) ਅਤੇ ਜਸਵੀਰ ਸਿੰਘ ਸਟੇਟ ਰਿਸੋਰਸ ਪਰਸਨ ਸਾਇੰਸ ਨੇ ਵੀ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ।
ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਮਾਪੇ ਅਧਿਆਪਕ ਮਿਲਣੀ ਵਿੱਚ ਵਰਚੂਅਲ ਤਰੀਕੇ ਸ਼ਿਰਕਤ ਕਰਕੇ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਹੌਸਲਾ ਅਫ਼ਜਾਈ ਲਈ ਸਿੱਖਿਆ ਸਕੱਤਰ ਦਾ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨਾਲ ਸੌ ਫੀਸਦੀ ਸਫ਼ਲਤਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ, 8,522 ਨਵੇਂ ਮਾਮਲੇ, ਮੌਤ ਦਰ 'ਚ ਵਾਧਾ