ਬਰਨਾਲਾ: ਕੇਂਦਰ ਸਰਕਾਰ ਨੇ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕੀਤੇ ਜਾਣ ਦੇ ਰੋਸ ਵਜੋਂ ਦੇਸ਼ ਭਰ ਵਿੱਚ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੂੰ ਹੜਤਾਲ ਕਰਨ ਲਈ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਵੱਲੋਂ ਸੱਦਾ ਦਿੱਤਾ। ਇਸ ਤਹਿਤ ਸੋਮਵਾਰ ਨੂੰ ਬਰਨਾਲਾ ਵਿਖੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾ ਹੜਤਾਲ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਹੜਤਾਲ ਕਰਨ ਵਾਲੇ ਬੈਂਕ ਮੁਲਾਜ਼ਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਿੱਜੀਕਰਨ ਦੀ ਨੀਤੀ ਤਹਿਤ ਦੇਸ਼ ਦੀਆਂ ਸਰਕਾਰੀ ਬੈਂਕਾਂ ਨੂੰ ਲਗਾਤਾਰ ਨਿੱਜੀ ਹੱਥਾਂ ਵਿਚ ਸੌਂਪ ਰਹੀ ਹੈ। ਪਿਛਲੇ ਦਿਨੀਂ ਬਜਟ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਦੋ ਹੋਰ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਰੋਸ ਵਜੋਂ ਦੇਸ਼ ਭਰ ਵਿੱਚ ਅੱਜ ਦਸ ਲੱਖ ਤੋਂ ਵਧੇਰੇ ਬੈਂਕ ਮੁਲਾਜ਼ਮ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬੈਂਕਾਂ ਨਿੱਜੀ ਹੱਥਾਂ ਵਿੱਚ ਚਲੀਆਂ ਗਈਆਂ ਤਾਂ ਆਮ ਲੋਕਾਂ ਨੂੰ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ।
ਉਨ੍ਹਾਂ ਦੱਸਿਆ ਕਿ ਭਾਵੇਂ ਬੈਂਕਾਂ ਦਾ ਕੰਮ ਠੱਪ ਕਰਕੇ ਹੜਤਾਲ ਕੀਤੀ ਗਈ ਹੈ, ਪਰ ਆਨਲਾਈਨ ਬੈਕਿੰਗ ਅਤੇ ਏਟੀਐਮ ਸਰਵਿਸ ਜ਼ਰੂਰ ਚਾਲੂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।