ਬਰਨਾਲਾ: ਸ਼ਹਿਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਮੋਂਟੇਕ ਸਿੰਘ ਆਹਲੂਵਾਲੀਆ ਵੱਲੋਂ ਪੰਜਾਬ ਸਰਕਾਰ ਨੂੰ ਪੇਸ਼ ਕੀਤੀ ਗਈ ਰਿਪੋਰਟ ਦਾ ਵਿਰੋਧ ਕੀਤਾ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਜੋ ਵਾਅਦੇ ਉਨ੍ਹਾਂ ਨਾਲ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਨਹੀਂ ਪੂਰਾ ਕੀਤਾ ਗਿਆ। ਜਿਸ ਕਰਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਉਤਰਨਾ ਪਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮ ਆਗੂ ਗੁਰਮੀਤ ਸਿੰਘ ਸੁਖਪੁਰਾ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੂੰ ਮਿਲਾ ਕੇ ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਬਣਾਇਆ ਗਿਆ ਹੈ। ਇਸ ਦੀ ਅਗਵਾਈ ਵਿੱਚ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 1 ਤੋਂ 10 ਸਤੰਬਰ ਤੱਕ ਕੀਤੇ ਜਾ ਰਹੇ ਪੂਰੇ ਪੰਜਾਬ ਦੇ ਪ੍ਰਦਰਸ਼ਨਾਂ ਤਹਿਤ ਅੱਜ ਬਰਨਾਲਾ ਵਿਖੇ ਰੋਸ ਮਾਰਚ ਕੱਢਿਆ ਗਿਆ ਹੈ। ਮੁਲਾਜ਼ਮਾਂ ਦੇ ਸੰਘਰਸ਼ ਦਾ ਮੁੱਖ ਕਾਰਨ ਮੋਨਟੇਕ ਸਿੰਘ ਆਹਲੂਵਾਲੀਆ ਵੱਲੋਂ ਸਰਕਾਰ ਨੂੰ ਪੇਸ਼ ਕੀਤੀ ਰਿਪੋਰਟ ਹੈ, ਜਿਸ ਦਾ ਪੰਜਾਬ ਦੇ ਸਮੂਹ ਮੁਲਾਜ਼ਮ ਵਿਰੋਧ ਕਰ ਰਹੇ ਹਨ। ਕਿਉਂਕਿ ਮੋਨਟੇਕ ਸਿੰਘ ਆਹਲੂਵਾਲੀਆ ਪਹਿਲੇ ਦਿਨ ਤੋਂ ਹੀ ਮੁਲਾਜ਼ਮ ਵਿਰੋਧੀ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦੇ ਹੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਹੋਰ ਅਨੇਕਾਂ ਵਾਅਦੇ ਸਰਕਾਰ ਵੱਲੋਂ ਕੀਤੇ ਗਏ ਸਨ, ਪਰ ਇਨ੍ਹਾਂ ਵਾਅਦਿਆਂ ਵਿਚੋਂ ਇੱਕ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਕਰਕੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਹਨ। ਜੇਕਰ ਇਨ੍ਹਾਂ ਮੰਗਾਂ ਵੱਲ ਸਰਕਾਰ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਸੱਤਾਧਾਰੀ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵੜਨ ਤੱਕ ਨਹੀਂ ਦਿੱਤਾ ਜਾਵੇਗਾ।