ਬਰਨਾਲਾ: ਬਰਨਾਲਾ ਵਿੱਚ ਈਟੀਟੀ ਅਧਿਆਪਕਾਂ ਵੱਲੋਂ ਡੈਪੂਟੇਸ਼ਨਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੀਰਵਾਰ ਦੂਜੀ ਵਾਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮੋਰਚਾ ਲਗਾ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿੱਚ ਈਟੀਟੀ ਅਧਿਆਪਕਾਂ ਵਲੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਆ ਕੇ ਸਿੱਖਿਆ ਮੰਤਰੀ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।


ਅਧਿਆਪਕਾਂ ਦੇ ਇਸ ਰੋਸ ਪ੍ਰਦਰਸ਼ਨ ਦੇਖਦਿਆਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਦੇ ਘਰ ਵਾਲੀ ਗਲੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਉੱਥੇ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦੌਰਾਨ ਕੀਤੇ ਗਏ ਵਾਅਦੇ ਨੂੰ ਲਾਗੂ ਨਾ ਕਰਨ ਕਾਰਨ ਰੋਸ ਵਿਚ ਹਨ। ਵੱਡੀ ਗਿਣਤੀ ਵਿੱਚ ਅਧਿਆਪਕ ਆਪਣੇ ਬੱਚਿਆਂ ਸਮੇਤ ਪਹੁੰਚੇ ਅਤੇ ਸਿਖਰ ਦੁਪਹਿਰੇ ਧੁੱਪ ਵਿਚ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਗਾ ਕੇ ਆਪਣਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।

ਇਸ ਮੌਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਮਨੀਸ਼ ਕੁਮਾਰ, ਬਿਮਲਾ ਰਾਣੀ ਅਤੇ ਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਡੈਪੂਟੇਸ਼ਨਾਂ ਰੱਦ ਕਰਕੇ ਬਦਲੀਆਂ ਦੇ ਹੁਕਮ ਕਰਨ ਦੀ ਹੈ। ਅਧਿਆਪਕਾਂ ਦੀ ਇਸ ਛੋਟੀ ਜਿਹੀ ਮੰਗ ਨੂੰ ਪੂਰਾ ਕਰਨ ਤੋਂ ਵੀ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਪਿੱਛੇ ਹੱਟ ਰਹੀ ਹੈ। ਉਹਨਾਂ ਨੇ ਕਿਹਾ ਕਿ ਪਿਛਲੀ ਵਾਰ ਵੀ ਉਨ੍ਹਾਂ ਵੱਲੋਂ ਦੋ ਦਿਨ ਲਈ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਰਨਾਲਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਭਰੋਸੇ ਉਨ੍ਹਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਸੀ।


ਉਹਨਾਂ ਨੇ ਕਿਹਾ ਕਿ ਇਸ ਉਪਰੰਤ ਉਹਨਾਂ ਦੀ ਮੀਤ ਹੇਅਰ ਸਿੱਖਿਆ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਵੀ ਹੋਈ। ਇਸ ਮੀਟਿੰਗ ਵਿੱਚ ਵੀ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਕਰਕੇ ਉਨ੍ਹਾਂ ਨੂੰ ਮਜਬੂਰੀ ਵੱਸ ਮੁੜ ਦੂਜੀ ਵਾਰ ਮੰਤਰੀ ਦੀ ਕੋਠੀ ਅੱਗੇ ਆਉਣਾ ਪਿਆ।

ਉਨ੍ਹਾਂ ਕਿਹਾ ਕਿ ਉਹ ਪੱਕਾ ਮੋਰਚਾ ਲਗਾਉਣ ਦੀ ਪੂਰੀ ਤਿਆਰੀ ਕਰਕੇ ਆਏ ਹਨ ਜਿੰਨਾ ਸਮਾਂ ਉਨ੍ਹਾਂ ਦੀਆਂ ਡੈਪੂਟੇਸ਼ਨਾਂ ਵੱਧ ਕਰਕੇ ਬਦਲੀ ਦੇ ਹੁਕਮ ਜਾਰੀ ਹੁੰਦੇ ਉਨ੍ਹਾਂ ਸਮਾਂ ਉਹ ਆਪਣਾ ਮੋਰਚਾ ਖਤਮ ਨਹੀਂ ਕਰਨਗੇ।
ਇਹ ਵੀ ਪੜ੍ਹੋ:ਵਿਸਾਖੀ ਮੌਕੇ ਕਣਕ ਦੀ ਵਾਢੀ ਕਰਵਾ ਰਹੇ ਕਿਸਾਨਾਂ ਦੇ ਚਿਹਰੇ ਤੋਂ ਉੱਡੀਆਂ ਰੌਣਕਾਂ, ਦੱਸੀ ਹੱਢਬੀਤੀ