ਬਰਨਾਲਾ: 31 ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਬਰਨਾਲਾ ਦੇ ਕਸਬਾ ਮਹਿਲ ਕਲਾਂ ਵਿਖੇ ਟੋਲ ਪਲਾਜ਼ਾ 'ਤੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਇੱਕ ਕਿਸਾਨ ਆਗੂ ਦੀ ਮੌਤ ਹੋਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਸ਼ਾਮ 4 ਵਜੇ ਕਿਸਾਨ ਧਰਨੇ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਯਸ਼ਪਾਲ ਮਹਿਲ ਕਲਾਂ (68) ਸੰਬੋਧਨ ਕਰ ਰਹੇ ਸਨ ਤਾਂ ਅਚਾਨਕ ਸਿਹਤ ਵਿਗੜਣ ਨਾਲ ਉਹ ਡਿੱਗ ਪਏ ਤੇ ਉਨ੍ਹਾਂ ਨੂੰ ਮਹਿਲ ਕਲਾਂ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਸ਼ੂਗਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਸਨ।
ਉਹ ਇਸ ਸਮੇਂ ਮੰਗਤ ਰਾਮ ਪਾਸਲਾ ਦੀ ਅਗਵਾਈ ਹੇਠ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਕਮੇਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਸਨ।
ਕਿਸਾਨ ਜੱਥੇਬੰਦੀਆਂ ਦੇ ਆਗੂ ਜਗਰਾਜ ਸਿੰਘ ਨੇ ਕਿਹਾ ਕਿ ਯਸ਼ਪਾਲ ਸਿੰਘ ਦੀ ਹੋਈ ਅਚਾਨਕ ਮੌਤ ਬਹੁਤ ਦੁੱਖਦਾਈ ਹੈ। ਕਿਸਾਨੀ ਸੰਘਰਸ਼ ਨੂੰ ਇੱਕ ਬਹੁਤ ਵੱਡਾ ਘਾਟਾ ਪਿਆ ਹੈ।