ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਦਿੱਲੀ ਮੋਰਚੇ ’ਚ ਪਿੰਡ ਢਿੱਲਵਾਂ ਦੇ ਕਿਸਾਨ ਨਾਜਰ ਸਿੰਘ ਦੀ ਬੀਤੇ ਦਿਨ ਮੌਤ ਹੋ ਗਈ। ਨਾਜਰ ਸਿੰਘ ਪਿਛਲੇ 22 ਦਿਨਾਂ ਤੋਂ ਦਿੱਲੀ ’ਚ ਕਿਸਾਨ ਮੋਰਚੇ ’ਤੇ ਗਿਆ ਹੋਇਆ ਸੀ, ਜਿੱਥੇ ਉਸਦੀ ਸਿਹਤ ਵਿਗੜਨ ਕਾਰਨ ਉਹ ਪਿੰਡ ਵਾਪਸ ਪਰਤ ਰਿਹਾ ਸੀ ਤਾਂ ਰਸਤੇ ’ਚ ਹੀ ਉਸਦੀ ਮੌਤ ਹੋ ਗਈ।
ਦਿੱਲੀ ਮੋਰਚੇ ’ਚ ਪਿਛਲੇ 22 ਦਿਨਾਂ ਤੋਂ ਸ਼ਾਮਲ ਸੀ ਮ੍ਰਿਤਕ ਕਿਸਾਨ
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਕਿਸਾਨ ਦੀ ਪਤਨੀ ਜਸਵੰਤ ਕੌਰ ਨੇ ਕਿਹਾ ਕਿ ਉਸਦਾ ਪਤੀ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਗਏ ਸਨ। ਜਿੱਥੇ ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਪਿੰਡ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹਨਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ 10 ਲੱਖ ਮੁਆਵਜ਼ਾ ਰਾਸ਼ੀ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।
ਦਿੱਲੀ ਧਰਨੇ ਤੋਂ ਆਉਂਦਿਆ ਕਿਸਾਨ ਦੀ ਮੌਤ, ਪੀੜਤ ਪਰਿਵਾਰ ਦੀਆਂ ਮੰਗਾਂ ਮੰਨੇ ਜਾਣ ’ਤੇ ਹੀ ਹੋਵੇਗਾ ਸਸਕਾਰ 'ਮ੍ਰਿਤਕ ਕਿਸਾਨ ਨੂੰ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦਿੱਤਾ ਜਾਵੇ'ਇਸ ਮੌਕੇ ਭਾਕਿਯੂ ਸਿੱਧੂਪੁਰ ਦੇ ਜ਼ਿਲਾ ਆਗੂ ਕਰਨੈਲ ਸਿੰਘ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ ਦਾ ਯੋਧਾ ਕਿਸਾਨ ਨਾਜਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਮੋਰਚੇ ਵਿੱਚ ਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਤਿੰਨੇ ਮੰਗਾਂ ਪੂਰੀਆਂ ਨਹੀਂ ਕਰਦੀ, ਉਨਾਂ ਸਮਾਂ ਕਿਸਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆ ਤਹਿਸੀਲਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਹ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਕਿਸਾਨ ਦੇ ਘਰ ਜਾ ਕੇ ਆਏ ਹਨ। ਕਿਸਾਨ ਜਥੇਬੰਦੀ ਵਲੋਂ ਮੁਆਵਜ਼ੇ ਸਬੰਧੀ ਮੰਗ-ਪੱਤਰ ਸੌਂਪਿਆ ਹੈ। ਉਨ੍ਹਾ ਦੱਸਿਆ ਕਿ ਪਰਿਵਾਰ ਦੀਆ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਜਾਣਕਾਰੀ ਭੇਜ ਦਿੱਤੀ ਹੈ। ਸਰਕਾਰੀ ਆਦੇਸ਼ਾਂ ਮੁਤਾਬਕ ਜੋ ਮੁਆਵਜ਼ਾ ਰਾਸ਼ੀ ਆਵੇਗੀ, ਉਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।