ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਧਰਨੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਸੇਖਾ ਨਾਲ ਸੰਬੰਧਤ 70 ਸਾਲਾ ਕਿਸਾਨ ਜ਼ੋਰਾ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਸਿਕਾਨ ਜ਼ੋਰਾ ਸਿੰਘ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜਿਸ ਦੌਰਾਨ ਇਹ ਘਟਨਾ ਵਾਪਰੀ। ਕਿਸਾਨ ਯੂਨੀਅਨ ਵੱਲੋਂ ਜ਼ੋਰਾ ਸਿੰਘ ਦੀ ਦੇਹ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਰੱਖਿਆ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਤਿੰਨ ਮੰਗਾਂ ਰੱਖੀਆਂ ਗਈਆਂ ਹਨ। ਜਿਨ੍ਹਾਂ ਵਿੱਚ ਮਿ੍ਰਤਕ ਜ਼ੋਰਾ ਸਿੰਘ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ, ਪੂਰੇ ਪਰਿਵਾਰ ਦੀ ਕਰਜ਼ਾ ਮੁਆਫੀ ਅਤੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਗਈ ਹੈ। ਕਿਸਾਨ ਯੂਨੀਅਨ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਮਿ੍ਰਤਕ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਨੇ ਦੱਸਿਆ ਕਿ ਮਿ੍ਰਤਕ ਕਿਸਾਨ ਜੋਰਾ ਸਿੰਘ ਪਿਛਲੇ ਡੇਢ ਮਹੀਨੇ ਤੋਂ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਆਪਣੀ ਪਤਨੀ ਸਮੇਤ ਸ਼ਾਮਲ ਹੋ ਰਿਹਾ ਸੀ। ਪਟਿਆਲਾ ਅਤੇ ਪਿੰਡ ਬਾਦਲ ਵਿਖੇ ਲੱਗੇ ਮੋਰਚੇ ਵਿੱਚ ਵੀ ਇਸ ਕਿਸਾਨ ਵਲੋਂ ਸ਼ਮੂਲੀਅਤ ਕੀਤੀ ਗਈ ਸੀ। ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਪੱਕੇ ਮੋਰਚੇ ਵਿੱਚ ਵੀ ਪਿਛਲੇ ਇੱਕ ਮਹੀਨੇ ਤੋਂ ਸ਼ਾਮਲ ਹੁੰਦਾ ਰਿਹਾ ਅਤੇ ਪਿਛਲੇ ਕੁਝ ਦਿਨਾਂ ਤੋਂ ਬੀਜੇਪੀ ਦੀ ਸੂਬਾ ਆਗੂ ਅਰਚਨਾ ਦੱਤ ਦੇ ਘਰ ਅੱਗੇ ਲੱਗੇ ਪੱਕੇ ਮੋਰਚੇ ਵਿੱਚ ਵੀ ਜ਼ੋਰਾ ਸਿੰਘ ਰੋਜ਼ਾਨਾ ਆ ਰਿਹਾ ਹੈ। ਅੱਜ ਸ਼ਾਮ ਸਮੇਂ ਧਰਨੇ ਦੀ ਸਮਾਪਤੀ ਉਪਰੰਤ ਜ਼ੋਰਾ ਸਿੰਘ ਨੂੰ ਦਿਲ ਦਾ ਦੌਰਾ ਪਿਆ ਅਤੇ ਮੌਕੇ 'ਤੇ ਉਸ ਦੀ ਮੌਤ ਹੋ ਗਈ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਤਿੰਨ ਮੰਗਾਂ ਰੱਖੀਆਂ ਗਈਆਂ ਹਨ। ਜਿਨ੍ਹਾਂ ਵਿੱਚ ਮਿ੍ਰਤਕ ਜ਼ੋਰਾ ਸਿੰਘ ਦੇ ਪਰਿਵਾਰ ਦੀ ਕਰਜ਼ਾ ਮੁਆਫੀ, ਪਰਿਵਾਰ ਨੂੰ ਦੱਸ ਲੱਖ ਮੁਆਵਜ਼ਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਰੱਖੀ ਗਈ ਹੈ। ਜਿੰਨਾ ਸਮਾਂ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਸਮਾਂ ਜ਼ੋਰਾ ਸਿੰਘ ਦੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਮੰਗਾਂ ਨੂੰ ਪੂਰਾ ਹੋਣ ਤੱਕ ਕਿਸਾਨ ਯੂਨੀਅਨ ਸੰਘਰਸ਼ ਵੀ ਕਰੇਗੀ।
ਉਧਰ ਇਸ ਮੌਕੇ ਹਾਜ਼ਰ ਬਰਨਾਲਾ ਪੁਲਿਸ ਦੇ ਐਸਐਚਓ ਅਜੈਬ ਸਿੰਘ ਨੇ ਕਿਹਾ ਕਿ ਕਿਸਾਨ ਜ਼ੋਰਾ ਸਿੰਘ ਦੀ ਮੌਤ ਧਰਨੇ ਤੋਂ ਘਰ ਜਾਣ ਸਮੇਂ ਰਸਤੇ ਵਿੱਚ ਹੋਈ ਹੈ। ਫਿਲਹਾਲ ਮਿ੍ਰਤਕ ਦੀ ਦੇਹ ਨੂੰ ਬਰਨਾਲਾ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਕਿਸਾਨ ਯੂਨੀਅਨ ਵੱਲੋਂ ਜੋ ਮੰਗਾਂ ਰੱਖੀਆਂ ਗਈਆਂ ਹਨ, ਉਸ ਬਾਰੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।