ਬਰਨਾਲਾ: ਸ਼ਹੀਦ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿੱਤ ਬਰਨਾਲਾ ਦੀ ਅਨਾਜ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਰੈਲੀ ਵਿੱਚ ਇੱਕ ਲੱਖ ਤੋਂ ਵੱਧ ਲੋਕ ਪੰਜਾਬ ਭਰ ਤੋਂ ਸ਼ਾਮਲ ਹੋਏ ਹਨ। ਪੰਜਾਬ ਦੇ ਕਰੀਬ 17 ਜਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਔਰਤਾਂ, ਮਜ਼ਦੂਰ ਅਤੇ ਨੌਜਵਾਨ ਇਸ ਰੈਲੀ ਵਿੱਚ ਸਾ਼ਮਲ ਹੋਏ ਹਨ।
ਇਸ ਰੈਲੀ ਦੌਰਾਨ ਕਿਸਾਨ ਆਗੂਆਂ ਨੇ ਜਿੱਥੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉਪਰ ਚੱਲਣ 'ਤੇ ਜ਼ੋਰ ਦਿੱਤਾ, ਉਥੇ ਰਾਜਨੀਤਕ ਪਾਰਟੀਆਂ ਤੇ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰਾਜਨੀਤੀ ਕਰਨ ਦੇ ਦੋਸ਼ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਵੱਡੇ ਪੱਧਰ 'ਤੇ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲੀ ਆਜ਼ਾਦੀ ਅੱਜ ਤੱਕ ਨਹੀਂ ਆਇਆ। ਆਮ ਲੋਕਾਂ ਦੀ ਲੁੱਟ ਅੱਜ ਵੀ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਲਈ ਅੱਜ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਕਾਰਪੋਰੇਟ ਲੋਕ ਅੱਜ ਵੀ ਦੇਸ਼ ਉੱਤੇ ਰਾਜ ਕਰ ਰਹੇ ਹਨ। ਜਿੰਨਾਂ ਸਮਾਂ ਸਾਮਰਾਜਵਾਦ ਦਾ ਖ਼ਾਤਮਾ ਨਹੀਂ ਹੁੰਦਾ, ਉਨਾਂ ਸਮਾਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਉਸ ਦੀ ਸੋਚ ਵਾਲਾ ਸਮਾਜ ਨਹੀਂ ਸਿਰਜਿਆ ਜਾਣਾ। ਇਸੇ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਵਾਲਾ ਸਮਾਜ ਸਿਰਜਣ ਲਈ ਸੰਘਰਸ਼ ਕਰਨਾ ਪੈਣਾ ਹੈ।
ਉਨ੍ਹਾਂ ਕਿਹਾ ਕਿ ਰਾਜਨੀਤਕ ਲੋਕ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰਾਜਨੀਤੀ ਕਰਦੇ ਹਨ। ਪ੍ਰੰਤੂ ਉਨ੍ਹਾਂ ਦੇ ਰਾਹ 'ਤੇ ਤੁਰਨ ਤੋਂ ਸਾਰੇ ਪਾਸਾ ਵੱਟ ਜਾਂਦੇ ਹਨ। ਸ਼ਹੀਦ ਭਗਤ ਸਿੰਘ ਦੀ ਸੋਚ ਕਿਸਾਨਾਂ ਨੂੰ ਕਰਜ਼ਾ ਮੁਕਤ, ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਸੱਦਾ ਦਿੰਦੀ ਹੈ, ਜਦਕਿ ਸਰਕਾਰਾਂ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਆਮ ਆਦਮੀ ਪਾਰਟੀ ਨੇ ਸਿਰਫ਼ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਵੋਟਾਂ ਲਈਆਂ ਹਨ, ਪ੍ਰੰਤੂ ਇਹ ਸਰਕਾਰ ਵੀ ਪਹਿਲਾਂ ਵਾਲੀਆਂ ਸਰਕਾਰਾਂ ਦੇ ਨਾਮ 'ਤੇ ਰਾਜਨੀਤੀ ਕਰ ਰਹੀ ਹੈ।
ਇਹ ਵੀ ਪੜ੍ਹੋ: ਨਾਰਾਜ਼ ਹੋਈ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇ ਮੁੜ ਟੈਂਕੀ ਉੱਤੇ ਚੜ੍ਹ ਕੇ ਦਿੱਤਾ ਧਰਨਾ