ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਕੁੱਝ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਮੁੱਦੇ 'ਤੇ ਗੱਲ ਕਰਦਿਆ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਚੋਣ ਏਜੰਡੇ ਤੋਂ ਬਾਹਰ ਹੈ। ਮੋਰਚਾ ਕਿਸੇ ਵੀ ਰੂਪ ਵਿੱਚ ਚੋਣਾਂ ਨਹੀਂ ਲੜੇਗਾ, ਇਸ ਬਾਰੇ ਮੋਰਚੇ ਦੀ ਆਖਰੀ ਪ੍ਰੈਸ ਕਾਨਫਰੰਸ ਵਿੱਚ ਸਪੱਸ਼ਟ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਰਜੀਤ ਫੂਲ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਜੋ ਚੋਣਾਂ ਲੜ ਰਹੀਆਂ ਹਨ, ਉਹਨਾਂ ਨੇ ਮੋਰਚੇ ਦੇ ਫ਼ੈਸਲੇ ਦੀ ਉਲੰਘਨਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੂੰ ਚੋਣਾਂ ਲੜਨ ਦੀ ਥਾਂ ਸਿਰਫ਼ ਤੇ ਸਿਰਫ਼ ਪਰੈਸ਼ਰ ਗਰੁੱਪ ਦੀ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ।
ਇਸ ਸਬੰਧੀ 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਦਿੱਲੀ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਚੋਣਾਂ ਲੜਨ ਵਾਲੀਆਂ ਜੱਥੇਬੰਦੀਆਂ ਦੇ ਮਾਮਲੇ ਨੂੰ ਵਿਚਾਰਿਆ ਜ਼ਰੂਰ ਜਾਵੇਗਾ। ਉਹਨਾਂ ਕਿਹਾ ਕਿ ਵੋਟ ਪਾਉਣ ਦਾ ਫ਼ੈਸਲਾ ਲੋਕ ਖੁਦ ਕਰਨ, ਜਦਕਿ ਉਹਨਾਂ ਦੀ ਰਾਇ ਹੈ ਕਿ ਜੱਥੇਬੰਦੀਆਂ ਨੂੰ ਮਜ਼ਬੂਤ ਕਰਕੇ ਮਸਲੇ ਹੱਲ ਕਰਵਾਏ ਜਾ ਸਕਦੇ ਹਨ।
ਇਹ ਵੀ ਪੜੋ:- ਕਿਸਾਨਾਂ ਨੇ PM ਮੋਦੀ ਤੇ CM ਚੰਨੀ ਖਿਲਾਫ਼ ਖੋਲ੍ਹਿਆ ਮੋਰਚਾ !