ਬਰਨਾਲਾ: ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਅਤੇ ਹੋਰ ਬੁੱਧੀਜੀਵੀਆਂ ਦੀ ਰਿਹਾਈ ਲਈ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਿਆ। ਕਿਸਾਨ ਜੱਥੇਬੰਦੀਆਂ ਵੱਲੋਂ ਇਹ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਤਹਿਤ ਕੀਤਾ ਗਿਆ।
ਬੰਦੀ ਸਿੱਖਾਂ ਦੀ ਰਿਹਾਈ ਲਈ ਬਰਨਾਲਾ ਵਿਚ ਰੋਸ ਪ੍ਰਦਰਸ਼ਨ:- ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਹਮਾਇਤ ਦੇਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜੱਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸੇ ਤਹਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਅਤੇ ਬੁੱਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਆਵਾਜ਼ ਉਠਾ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਜਿੱਥੇ ਅੱਜ ਬਰਨਾਲਾ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।
ਸਰਕਾਰਾਂ ਧੱਕੇਸ਼ਾਹੀ ਕਰ ਰਹੀਆਂ:- ਉਹਨਾਂ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੈ। ਲੰਬੇ ਸਮੇਂ ਤੋਂ ਵੱਧ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸਰਕਾਰੀ ਜ਼ਬਰ ਵਿਰੁੱਧ ਲਿਖਣ ਵਾਲੇ ਬੁੱਧੀਜੀਵੀਆਂ ਨੂੰ ਨਜਾਇਜ਼ ਤੌਰ 'ਤੇ ਹਿਰਾਸਤ ਵਿੱਚ ਰੱਖਿਆ ਗਿਆ। ਸਰਕਾਰਾਂ ਦੀ ਇਸ ਮਾਮਲੇ ਵਿੱਚ ਨਜਾਇਜ ਧੱਕੇਸ਼ਾਹੀ ਚੱਲ ਰਹੀ ਹੈ।
ਬੰਦੀ ਸਿੱਖਾਂ ਨੂੰ ਰਿਹਾਅ ਕੀਤੇ ਜਾਣ ਦੀ ਮੰਗ:- ਉਹਨਾਂ ਕਿਹਾ ਕਿ ਉਹ ਇਕੱਲੇ ਸਿੱਖਾਂ ਹੀ ਨਹੀਂ ਬਲਕਿ ਹਰ ਧਰਮ ਦੇ ਉਸ ਵਿਅਕਤੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ, ਜੋ ਸੰਵਿਧਾਨ ਅਨੁਸਾਰ ਅਪਣੀ ਸਜ਼ਾ ਪੂਰੀ ਕਰ ਚੁੱਕਿਆ ਹੈ। ਜਿਸ ਕਰਕੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਅਤੇ ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਕਿਸਾਨਾਂ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਿਆ ਜਾਵੇਗਾ:- ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੇ ਇਸ ਮਾਮਲੇ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਅਤੇ ਤਿੱਖਾ ਕੀਤਾ ਜਾਵੇਗਾ। ਕਿਸਾਨ ਦੇ ਇਸ ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅੰਕੁਰ ਗੋਇਲ ਅਤੇ ਚੇਅਰਮੈਨ ਰਾਮ ਤੀਰਥ ਮੰਨਾ ਪਹੁੰਚੇ ਅਤੇ ਮੰਗ ਪੱਤਰ ਲਿਆ। ਉਹਨਾਂ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤੀ ਵੀ ਜਤਾਈ ਅਤੇ ਭਰੋਸਾ ਦਿੱਤਾ ਕਿ ਉਹਨਾਂ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਿਆ ਜਾਵੇਗਾ।