ਬਰਨਾਲਾ: ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦਾ ਆਮ ਜਨਤਾ ਦੀ ਜ਼ਿੰਦਗੀ 'ਤੇ ਭਾਰੀ ਅਸਰ ਪੈ ਰਿਹਾ ਹੈ। ਪਿਛਲੇ ਲਗਾਤਾਰ 15 ਦਿਨਾਂ ਤੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਜਨਤਾ ਅਤੇ ਕਿਸਾਨਾਂ ਦਾ ਕੇਂਦਰ ਸਰਕਾਰ ਪ੍ਰਤੀ ਰੋਸ ਹੈ। ਹੁਣ ਪੈਟਰੋਲ ਦੀ ਕੀਮਤ 80 ਰੁਪਏ ਤੋਂ ਪਾਰ ਹੋ ਗਈ ਹੈ ਜਦਕਿ ਡੀਜ਼ਲ 71 ਰੁਪਏ 'ਤੇ ਪਹੁੰਚ ਗਿਆ ਹੈ।
ਇਸ ਸਬੰਧੀ ਈ.ਟੀ.ਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੈਟਰੋਲ ਪੰਪ ਦੇ ਮੁਲਾਜ਼ਮ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 50 ਪੈਸੇ, 60 ਪੈਸੇ ਦੀ ਦਰ ਨਾਲ ਵਾਧਾ ਹੋ ਰਿਹਾ ਹੈ। ਇਨ੍ਹਾਂ 15 ਦਿਨਾਂ ਵਿੱਚ ਪੈਟਰੋਲ ਦੀ ਕੀਮਤ 10 ਰੁਪਏ ਅਤੇ ਡੀਜ਼ਲ ਦੀ ਕੀਮਤ 9 ਰੁਪਏ ਵਧ ਚੁੱਕੀ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੰਦੀਪ ਸਿੰਘ ਅਤੇ ਦਰਸ਼ਨ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਲੌਕਡਾਊਨ 'ਚ ਜਿੱਥੇ ਸਰਕਾਰਾਂ ਨੂੰ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਸੀ ਉੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਵਾਧੂ ਦਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਬਜ਼ਾਰ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਕੀਮਤਾਂ ਘੱਟ ਰਹੀਆਂ ਹਨ ਪਰ ਭਾਰਤ ਵਿੱਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਲਗਾਤਾਰ ਵਧਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵੋਟਾਂ ਲਈ ਇਹ ਲੀਡਰ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦੇ ਹਨ ਪਰ ਸੱਤਾ ਵਿੱਚ ਆਉਣ 'ਤੇ ਲੋਕਾਂ 'ਤੇ ਹੀ ਵੱਡਾ ਭਾਰ ਪਾ ਦਿੰਦੇ ਹਨ। ਪੈਟਰੋਲ ਅਤੇ ਡੀਜ਼ਲ ਵਿੱਚ ਹੋ ਰਹੇ ਵਾਧੇ ਇਸ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੇ ਕੀਮਤਾਂ ਵਿੱਚ ਉਸ ਸਮੇਂ ਵਾਧਾ ਸ਼ੁਰੂ ਹੋਇਆ ਹੈ ਜਦੋਂ ਤੋਂ ਕਿਸਾਨਾਂ ਨੇ ਝੋਨਾ ਲਗਾਉਣ ਸ਼ੁਰੂ ਕੀਤਾ।
ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀ ਵਧੀਆਂ ਕੀਮਤਾਂ ਦਾ ਅਸਰ ਸਭ ਤੋਂ ਵੱਧ ਕਿਸਾਨਾਂ 'ਤੇ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਸਮੇਂ ਜਦੋਂ ਬਿਜਲੀ ਚਲੀ ਜਾਦੀਂ ਹੈ ਉਦੋਂ ਉਨ੍ਹਾਂ ਨੂੰ ਮੋਟਰ ਜਨੇਟਰ ਨਾਲ ਚਲਾਉਣੀ ਪੈਂਦੀ ਹੈ ਜਿਸ 'ਚ ਪੈਟਰੋਲ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਵਾਪਸ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜਲਦ ਇਸ ਦੇ ਖਿਲਾਫ਼ ਸੰਘਰਸ਼ ਕਰੇਗੀ।
ਇਹ ਵੀ ਪੜ੍ਹੋ:ਜੰਮੂ ਕਸ਼ਮੀਰ: ਪੁੰਛ ਜ਼ਿਲ੍ਹੇ 'ਚ ਪਾਕਿਸਤਾਨ ਨੇ ਮੁੜ ਕੀਤੀ ਗੋਲੀਬੰਦੀ ਦੀ ਉਲੰਘਣਾ