ਬਰਨਾਲਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਵਿੱਢੇ ਗਏ ਸੰਘਰਸ਼ ਦੇ ਅਗਲੇ ਪੜਾਅ ਤਹਿਤ ਕਿਸਾਨਾਂ ਵੱਲੋਂ 'ਦਿੱਲੀ ਚੱਲੋ' ਦਾ ਨਾਅਰਾ ਮਾਰਿਆ ਗਿਆ ਹੈ। ਜਿਸ ਤਹਿਤ ਪੰਜਾਬ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਹਜ਼ਾਰਾਂ ਦੇ ਟਰੈਕਟਰ-ਟਰਾਲੀਆਂ ਲੈ ਕੇ ਕਿਸਾਨਾਂ ਵੱਲੋਂ ਦਿੱਲੀ ਵੱਲ ਚਾਲੇ ਪਾ ਦਿੱਤੇ ਗਏ ਹਨ। ਭਾਵੇਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਉੱਤੇ ਰੋਕ ਲਿਆ ਗਿਆ ਹੈ। ਪਰ ਇਸ ਦੇ ਬਾਵਜੂਦ ਕੁੱਝ ਕਿਸਾਨ ਦਿੱਲੀ ਪਹੁੰਚ ਚੁੱਕੇ ਹਨ। ਕੁੱਝ ਸਮੇਂ ਬਾਅਦ ਹੀ ਪਾਰਲੀਮੈਂਟ ਸਟ੍ਰੀਟ ਉੱਤੇ ਪਹੁੰਚ ਕੇ ਪੰਜਾਬ ਦੇ ਕਿਸਾਨਾਂ ਦੀ ਹੋਂਦ ਕੇਂਦਰ ਸਰਕਾਰ ਨੂੰ ਦਿਖਾਉਣਗੇ।
ਇਹ ਦਾਅਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਆਗੂ ਹਰਨੇਕ ਸਿੰਘ ਮਹਿਮਾ ਨੇ "ਈਟੀਵੀ ਭਾਰਤ" ਨਾਲ ਗੱਲਬਾਤ ਕਰਦਿਆਂ ਕੀਤਾ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਚੈਲੇਂਜ ਕਬੂਲ ਕਰ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵਿਖੇ ਪਹੁੰਚ ਚੁੱਕੇ ਹਨ, ਜੋ ਹਰ ਹਾਲਤ ਪਾਰਲੀਮੈਂਟ ਸਟਰੀਟ 'ਤੇ ਪਹੁੰਚ ਕੇ ਕਿਸਾਨਾਂ ਦੇ ਝੰਡੇ ਬੁਲੰਦ ਕਰਨਗੇ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੀ ਹੋਂਦ ਬਾਰੇ ਦੱਸਣਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਕਿਸਾਨਾਂ ਦੇ ਪਹੁੰਚਣ ਦਾ ਪ੍ਰੋਗਰਾਮ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਤੈਅ ਕੀਤਾ ਗਿਆ ਸੀ ਅਤੇ ਕੁੱਝ ਕਿਸਾਨ ਦਿੱਲੀ ਪਹੁੰਚੇ ਹੋਏ। ਕਿਸਾਨ ਮਾਨਸਿਕ ਤੌਰ 'ਤੇ ਤਿਆਰ ਹੋ ਕੇ ਗਏ ਹਨ ਕਿ ਉਨ੍ਹਾਂ 'ਤੇ ਪਰਚੇ ਦਰਜ ਕਰ ਕੇ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ।