ਬਰਨਾਲਾ: ਸੂਬੇਭਰ ’ਚ ਬਿਜਲੀ ਕੱਟਾਂ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦੇ ਵੱਖ ਵੱਖ ਜ਼ਿਲ੍ਹਿਆਂ ਚ ਮਾਨ ਸਰਕਾਰ ਖਿਲਾਫ ਜਥੇਬੰਦੀਆਂ ਵੱਲੋਂ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਦੇ ਚੱਲਦੇ ਬਰਨਾਲਾ ਵਿੱਚ ਦੋ ਵੱਖ-ਵੱਖ ਥਾਵਾਂ ਉੱਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਬਿਜਲੀ ਦੇ ਲੰਬੇ ਕੱਟਾਂ ਤੋਂ ਪਰੇਸ਼ਾਨ ਹੋ ਕੇ ਬਠਿੰਡਾ-ਚੰਡੀਗੜ ਅਤੇ ਬਠਿੰਡਾ ਲੁਧਿਆਣਾ ਰੋਡ ਨੂੰ ਜਾਮ ਕੀਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਲਗਾਤਾਰ ਬਿਜਲੀ ਸਪਲਾਈ ਖੇਤਾਂ ਲਈ ਨਹੀਂ ਮਿਲ ਰਹੀ ਹੈ ਅਤੇ ਪਿੰਡਾਂ ਸ਼ਹਿਰਾਂ ਵਿੱਚ ਬਿਜਲੀ ਦੇ ਲੰਬੇ - ਲੰਬੇ ਕੱਟ ਲੱਗ ਰਹੇ ਹਨ। ਦੋ-ਦੋ, ਤਿੰਨ-ਤਿੰਨ ਦਿਨ ਬਾਅਦ ਦੋ - ਤਿੰਨ ਘੰਟਿਆਂ ਲਈ ਹੀ ਸਿਰਫ ਖੇਤਾਂ ਵਿੱਚ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਜਿਸ ਕਾਰਨ ਝੋਨੇ ਦੀ ਫਸਲ ਦੀ ਬਿਜਾਈ ਵਿੱਚ ਵੀ ਕਿਸਾਨਾਂ ਨੂੰ ਭਾਰੀ ਮੁਸ਼ਕਲ ਹੋਵੇਗੀ।
ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਉਨ੍ਹਾਂ ਨੂੰ ਹਰ ਸਾਲ ਝੋਨੇ ਦੇ ਸੀਜਨ ਦੇ ਸਮੇਂ ਬਿਜਲੀ ਸਪਲਾਈ ਲਈ ਸੰਘਰਸ਼ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਜਦੋਂ ਤੱਕ ਆਦੇਸ਼ ਨਹੀਂ ਆਵੇਗਾ, ਤੱਦ ਤੱਕ ਪੂਰੇ ਪੰਜਾਬ ਵਿੱਚ ਸੜਕਾਂ ਨੂੰ ਜਾਮ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕੁੱਝ ਉਂਮੀਦ ਸੀ ਕਿ ਇਸ ਵਾਰ ਸਰਕਾਰ ਬਿਜਲੀ ਸਪਲਾਈ ਨਿਰਵਿਘਨ ਦੇਵੇਗੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬਿਜਲੀ ਸਪਲਾਈ ਦੇਣ ਦੇ ਮਾਮਲੇ ਵਿੱਚ ਫੇਲ੍ਹ ਸਾਬਤ ਹੋਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਬਿਜਲੀ ਸਪਲਾਈ ਨਿਰਵਿਘਨ ਕਰਨ ਅਤੇ ਬਿਜਲੀ ਦੀ ਖਪਤ ਨੂੰ ਪੂਰਾ ਕਰਨ ਦੀ ਜਿੰਮੇਵਾਰੀ ਮੁੱਖਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਨਿਰਵਿਘਨ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜੋ: ਬਿਜਲੀ ਸੰਕਟ ਨੇ ਵਧਾਈ ਯਾਤਰੀਆਂ ਦੀ ਪਰੇਸ਼ਾਨੀ, ਰੇਲ ਵਿਭਾਗ ਨੇ ਟਰੇਨਾਂ ਕੀਤੀਆਂ ਰੱਦ, ਜਾਣੋ ਵਜ੍ਹਾ