ਬਰਨਾਲਾ: ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਪੰਜਾਬ ਦੇ ਕਿਸਾਨ (Farmers) ਹੁਣ ਪੰਜਾਬ ਸਰਕਾਰ (Government of Punjab) ਦੁਆਲੇ ਹੋ ਗਏ ਹਨ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਜਿਸ ਤਹਿਤ ਜਥੇਬੰਦੀ ਵੱਲੋਂ ਡੀਸੀ ਦਫ਼ਤਰਾਂ ਬਾਹਰ 5 ਦਿਨਾਂ ਮੋਰਚੇ ਲਗਾਏ ਜਾ ਰਹੇ ਹਨ। ਧਰਨੇ ਦੇ ਪਹਿਲੇ ਦਿਨ ਬਰਨਾਲਾ ਦੇ ਡਿਪਟੀ ਕਮਿਸ਼ਨਰ (Deputy Commissioner of Barnala) ਦੇ ਦਫ਼ਤਰ ਦੇ ਬਾਹਰ ਵੀ ਕਿਸਾਨਾਂ (Farmers) ਵੱਲੋਂ ਮੋਰਚਾ ਲਗਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ (Farmer Leader Sukhdev Singh Kokri Kalan) ਨੇ ਕਿਹਾ ਕਿ ਇਹ ਮੋਰਚੇ ਕਿਸਾਨਾਂ ਦੀਆਂ ਲਟਕੀਆਂ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਹਨ। ਇਸ ਵਿੱਚ ਕੁੱਝ ਮੰਗਾਂ ਅਜਿਹੀਆਂ ਹਨ, ਜੋ ਪੰਜਾਬ ਸਰਕਾਰ ਨੇ ਮੰਨ ਲਈਆਂ ਹਨ, ਪਰ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਵੇਂ ਨਰਮੇ ਦੀ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ, ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਵਰਗੇ ਮਸਲੇ ਅਹਿਮ ਹਨ।
ਇਸੇ ਤਰ੍ਹਾਂ ਚੋਣਾਂ ਮੌਕੋ ਜੋ ਸਰਕਾਰ ਨੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਵਿੱਚ ਕਿਸਾਨਾਂ ਦੀ ਪੂਰਨ ਕਰਜ਼ ਮੁਆਫ਼ੀ ਦਾ ਮੁੱਦਾ ਅਹਿਮ ਹੈ। ਇਸ ਨੂੰ ਲੈ ਕੇ ਡੀਸੀ ਦਫ਼ਤਰਾਂ ਦੇ ਬਾਹਰ 5 ਦਿਨ ਅਤੇ ਰਾਤ ਇਹ ਮੋਰਚਾ ਲੱਗੇਗਾ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਅਸੀਂ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਾਂਗੇ ਅਤੇ ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕਰਦੀ ਉਦੋਂ ਤੱਕ ਪੰਜਾਬ ਸਰਕਾਰ ਖ਼ਿਲਾਫ਼ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨਾਂ ਦੀਆਂ ਮੁੱਖ ਮੰਗਾਂ
1) ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ 17,000 ਰੁਪਏ ਪ੍ਰਤੀ ਏਕੜ ਤੇ ਖੇਤ ਮਜ਼ਦੂਰਾਂ ਨੂੰ ਵੱਖਰਾ 10% ਤੁਰੰਤ ਅਦਾ ਕਰੋ।
2) ਪੰਜਾਬ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਰੰਟੀ ਕਰੋ।
3) ਖੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ ਤੇ 1-1 ਜੀਅ ਨੂੰ ਸਰਕਾਰੀ ਨੌਕਰੀ ਤੁਰੰਤ ਦਿਓ ਅਤੇ ਉਨ੍ਹਾਂ ਦੇ ਸਮੁੱਚੇ ਕਰਜ਼ੇ ਮਾਫ਼ ਕਰੋ।
4) 5 ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਲਈ ਐਲਾਨੀ ਗਈ 2 ਲੱਖ ਰੁਪਏ ਤੱਕ ਦੀ ਕਰਜ਼ਾ ਮਾਫ਼ੀ ਬਿਨ੍ਹਾਂ ਸ਼ਰਤ ਸਾਰੇ ਕਿਸਾਨਾਂ ਨੂੰ ਤੁਰੰਤ ਦਿਓ।
5) ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਤੁਰੰਤ ਰੱਦ ਕਰੋ ਅਤੇ ਸ਼ਹੀਦ ਹੋ ਚੁੱਕੇ ਪੰਜਾਬ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੇ ਵਾਰਸ ਸਾਰੇ ਪਰਵਾਰਾਂ ਨੂੰ 5-5 ਲੱਖ ਦੀ ਆਰਥਿਕ ਸਹਾਇਤਾ ਤੇ 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਤੁਰੰਤ ਦਿਓ ਅਤੇ ਉਨ੍ਹਾਂ ਦੇ ਸਮੁੱਚੇ ਕਰਜ਼ੇ ਖ਼ਤਮ ਕਰੋ।
6) ਪਾਵਰਕੋਮ ਵੱਲੋਂ ਢਾਈ ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ਖੇਤੀ ਟਿਊਬਵੈੱਲ ਕੁਨੈਕਸ਼ਨ ਦੇਣ ਦੇ ਸਰਕਾਰੀ ਫ਼ੈਸਲੇ ਮੁਤਾਬਕ ਐਸਟੀਮੇਟ ਦੀ ਪੂਰੀ ਰਾਸ਼ੀ ਜਮ੍ਹਾਂ ਕਰਵਾ ਚੁੱਕੇ ਜਾਂ ਉਸ ਮੌਕੇ ਲੱਗੇ ਚੋਣ ਜ਼ਾਬਤੇ ਕਾਰਨ ਜਮ੍ਹਾਂ ਕਰਾਉਣੋਂ ਰਹਿ ਗਏ ਕਿਸਾਨਾਂ ਸਮੇਤ ਇਸ ਵਰਗ ਦੇ ਸਾਰੇ ਕਿਸਾਨਾਂ ਨੂੰ ਤੁਰੰਤ ਜਾਰੀ ਕਰੋ। ਹੋਰ ਫੌਰੀ ਮੰਗਾਂ ਪੂਰੀਆਂ ਕਰੋ
7,ਯੂਰੀਆ ਖਾਦ ਦੀ ਘਾਟ ਤਰੰਤ ਪੂਰੀ ਕੀਤੀ ਜਾਵੇ
8) ਅੰਦੋਲਨਕਾਰੀ ਬੇਰੁਜ਼ਗਾਰ ਟੀਚਰਾਂ ਉੱਤੇ ਮਾਨਸਾ ਵਿਖੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਮੁਲਜ਼ਮ ਡੀ.ਐੱਸ.ਪੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਵਿੱਚ ਬੰਦ ਕਰੋ।
9) ਟੌਲ ਪਲਾਜ਼ਾ ਦੇ ਰੇਟਾਂ ਵਿੱਚ ਕੀਤਾ ਗਿਆ ਹਰ ਕਿਸਮ ਦਾ ਵਾਧਾ ਰੱਦ ਕਰੋ ਅਤੇ ਇਨ੍ਹਾਂ ਦੇ ਮੁਲਾਜ਼ਮਾਂ ਨੂੰ ਬਣਦੀਆਂ ਬਕਾਇਆ ਤਨਖਾਹਾਂ ਦੇ ਕੇ ਬਹਾਲ ਕਰੋਪਿਛਲੇ ਚੋਣ ਵਾਅਦੇ ਲਾਗੂ ਕਰੋ
10) ਕਰਜ਼ਾਗ੍ਰਸਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਰਕਾਰੀ ਗੈਰਸਰਕਾਰੀ ਸਮੁੱਚੇ ਕਰਜ਼ੇ ਤੁਰੰਤ ਖ਼ਤਮ ਕਰੋ।
11) ਪੰਜਾਬ ਵਿੱਚ ਚਿੱਟੇ ਵਰਗੇ ਮਾਰੂ ਨਸ਼ਿਆਂ ਦਾ ਸ਼ਰੇਆਮ ਚਲਦਾ ਗੈਰ ਕਾਨੂੰਨੀ ਤੇ ਸਮਾਜ ਵਿਰੋਧੀ ਧੰਦਾ ਤੁਰੰਤ ਬੰਦ ਕਰੋ ਅਤੇ ਇਸ ਕਾਲ਼ੇ ਧੰਦੇ ਦੇ ਸਰਪ੍ਰਸਤ ਰਾਜਨੀਤਕ ਆਗੂਆਂ ਸਮੇਤ ਉੱਚ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਵੋ।
ਇਹ ਵੀ ਪੜ੍ਹੋ:Farmer Protest : ਆਪਣੀ ਮੰਗਾਂ ਦੇ ਲਈ ਕਿਸਾਨਾਂ ਨੇ ਰੋਕੀਆਂ ਰੇਲਾਂ