ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਰੇ ਮੰਤਰੀਆਂ, ਆਗੂਆਂ, ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਜਿਸ ਕਾਰਨ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਕਿਸਾਨਾਂ ਨੇ ਬਰਨਾਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦਾ ਘਿਰਾਓ ਕਰਕੇ ਧਰਨਾ ਦਿੱਤਾ। ਜਦਕਿ ਮਾਨਸਾ ਤੇ ਮੋਗਾ 'ਚ ਵੀ ਕਿਸਾਨਾਂ ਵਲੋਂ ਆਪ ਵਿਧਾਇਕਾਂ ਅਤੇ ਆਗੂਆਂ ਦੀ ਕੋਠੀ ਬਾਹਰ ਧਰਨਾ ਲਾਇਆ ਗਿਆ।
ਹੜ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਫ਼ੇਲ੍ਹ: ਇਸ ਮੌਕੇ ਕਿਸਾਨ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਮਾਲੀ ਨੁਕਸਾਨ ਹੋਇਆ ਹੈ। ਕੇਂਦਰ ਅਤੇ ਪੰਜਾਬ ਦੀਆਂ ਦੋਵੇਂ ਸਰਕਾਰਾਂ ਹੜ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਫ਼ੇਲ੍ਹ ਰਹੀਆਂ ਹਨ। ਇਹਨਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਪਸ਼ੂਆਂ ਦਾ ਨੁਕਸਾਨ ਹੋਇਆ ਹੈ। ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ। ਦੋਵਾਂ ਸਰਕਾਰਾਂ ਵੱਲੋਂ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੋਈ ਯਤਨ ਨਹੀਂ ਕੀਤਾ ਗਿਆ। ਹੜ੍ਹ ਤੋਂ ਜਾਨ ਅਤੇ ਮਾਲ ਦੀ ਰਾਖੀ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ।
ਮੁਆਵਜ਼ੇ ਦੇ ਨਾਮ 'ਤੇ ਸਿਰਫ਼ ਡਰਾਮੇਬਾਜ਼ੀ: ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਵੀ ਲੋਕਾਂ ਨੂੰ ਮੁਆਵਜ਼ੇ ਦੇ ਨਾਮ 'ਤੇ ਸਿਰਫ਼ ਡਰਾਮੇਬਾਜ਼ੀ ਹੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਰੋਜ਼ਾਨਾ ਸਿਰਫ਼ ਬਿਆਨ ਦੇ ਛੱਡਦੇ ਹਨ, ਜਦਕਿ ਹੜ੍ਹ ਪੀੜ੍ਹਤਾਂ ਨੂੰ ਕੋਈ ਮੱਦਦ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਜਦਕਿ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਵਿੱਚ ਹੋਰ ਵੀ ਦੇਰੀ ਹੋਵੇਗੀ।
ਹਾਲਾਤਾਂ ਨੂੰ ਸੁਧਾਰਨ ਲਈ ਠੋਸ ਪ੍ਰਬੰਧ : ਉਹਨਾਂ ਕਿਹਾ ਕਿ ਅੱਜ ਉਹਨਾਂ ਨੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਚੇਤਾਵਨੀ ਦੇਣ ਲਈ ਦਿੱਤੇ ਹਨ। ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਹੜ੍ਹ ਪੀੜਤ ਕਿਸਾਨਾਂ ਨੂੰ ਉਹਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਨੂੰ ਸੁਧਾਰਨ ਲਈ ਠੋਸ ਪ੍ਰਬੰਧ ਕੀਤੇ ਜਾਣ। ਇਸਤੋਂ ਇਲਾਵਾ ਧਰਨਾਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਵੀ ਪੂਰਾ ਕਰਨ ਦੀ ਮੰਗ ਕੀਤੀ ਹੈ। ਧਰਨੇ ਵਿੱਚ ਬੀਕੇਯੂ ਡਕੌਂਦਾ, ਬੀਕੇਯੂ ਕਾਦੀਆਂ, ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਾਰਕੁਨ ਅਤੇ ਆਗੂ ਸ਼ਾਮਲ ਹੋਏ।
ਮੋਗਾ 'ਚ ਵੀ ਕਿਸਾਨਾਂ ਨੇ ਘੇਰੇ ਵਿਧਾਇਕ: ਉਧਰ ਮੋਗਾ 'ਚ ਵੀ ਕਿਸਾਨਾਂ ਵਲੋਂ ਆਪਣੀਆਂ ਇੰਨ੍ਹਾਂ ਮੰਗਾਂ ਨੂੰ ਲੈਕੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਜਿਸ 'ਚ ਮੋਗਾ ਅਤੇ ਬਾਘਾਪੁਰਾਣਾ ਵਿੱਚ ਦੋਵਾਂ ਵਿਧਾਇਕਾਂ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਕਿ ਅਜੇ ਤੱਕ ਹੜ੍ਹ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਕੋਈ ਵੀ ਮੁਆਵਜਾ ਨਹੀਂ ਆਇਆ ਤੇ ਨਾ ਹੀ ਕਿਸਾਨਾਂ ਦੀਆਂ ਫਸਲਾਂ ਦੀ ਕੋਈ ਗਿਰਦਾਵਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਾਅਦੇ ਤਾਂ ਵੱਡੇ ਕਰ ਰਹੀ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਸਾਡਾ ਅੱਜ ਦਾ ਇਹ ਸੰਘਰਸ਼ ਬਹੁਤ ਹੀ ਸ਼ਾਂਤਮਈ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਕੀਤੀ ਤਾਂ ਉਹ ਵੱਡਾ ਸੰਘਰਸ਼ ਕਰਨਗੇ।
ਮਾਨਸਾ 'ਚ ਵੀ ਘੇਰੇ ਆਪ ਵਿਧਾਇਕ: ਉਥੇ ਹੀ ਮਾਨਸਾ 'ਚ ਵੀ ਕਿਸਾਨਾਂ ਵਲੋਂ ਸਰਦੂਲਗੜ੍ਹ,ਬੁਢਲਾਡਾ ਅਤੇ ਮਾਨਸਾ 'ਚ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨਾ ਲਗਾਇਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਪਾਰਟੀਆਂ ਵੱਲੋਂ ਵਾਅਦੇ ਕੀਤੇ ਗਏ ਸਨ ਅਤੇ ਇਨ੍ਹਾਂ ਵਾਦਿਆਂ ਨੂੰ ਯਾਦ ਕਰਵਾਉਣ ਦੇ ਲਈ ਅੱਜ ਪੰਜਾਬ ਭਰ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮਾਨਸਾ ਵਿੱਚ ਡਾ. ਵਿਜੈ ਸਿੰਗਲਾ, ਸਰਦੂਲਗੜ ਵਿੱਚ ਗੁਰਪ੍ਰੀਤ ਬਣਾਵਾਲੀ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਇੰਨ੍ਹਾਂ ਵਿਧਾਇਕਾਂ ਨੂੰ ਯਾਦ ਪੱਤਰ ਵੀ ਦਿੱਤੇ ਜਾਣਗੇ ਤਾਂ ਜੋ ਕਿਸਾਨਾਂ ਦੀਆਂ ਲਟਕਦੀਆਂ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇ।