ਬਰਨਾਲਾ :ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਬਰਨਾਲਾ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਲੋਂ ਜ਼ਬਰ ਵਿਰੋਧੀ ਦਿਨ ਮਨਾਇਆ ਗਿਆ। ਇਹ ਦਿਨ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਮਨਾਇਆ ਗਿਆ। ਜਿਸ ਤਹਿਤ ਅੱਜ ਕਿਸਾਨਾਂ ਵਲੋਂ ਰੋਸ ਮਾਰਚ ਕਰਨ ਉਪਰੰਤ ਡੀਸੀ ਦਫਤਰ ਅੱਗੇ ਧਰਨਾ ਦਿੱਤਾ।
ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਡੀਸੀ ਬਰਨਾਲਾ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਦਿੱਲੀ ਪੁਲਿਸ ਵਲੋਂ ਕਿਸਾਨਾਂ ’ਤੇ ਦਰਜ਼ ਕੀਤੇ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਦਿੱਲੀ ਪੁਲਿਸ ਵੱਲੋਂ ਜਬਰਨ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੇ ਕਿਸਾਨਾਂ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਣੇ ਦੇਸ਼ ਭਰ ਦੇ ਕਿਸਾਨਾਂ ਸ਼ਾਂਤਮਈ ਸੰਘਰਸ਼ ਕਰ ਰਹੇ ਹਨ। ਇਸ ਤਹਿਤ ਕਿਸਾਨ ਜੱਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਸ਼ਾਂਤਮਈ ਟਰੈਕਟਰ ਮਾਰਚ ਕੀਤਾ ਗਿਆ, ਪਰ ਦਿੱਲੀ ਪੁਲਿਸ ਦੀ ਸਾਜ਼ਿਸ ਤਹਿਤ ਕੁੱਝ ਕਿਸਾਨਾਂ ਅਤੇ ਨੌਜਵਾਨਾਂ ਨੂੰ ਲਾਲ ਕਿਲੇ ’ਤੇ ਲਿਜਾ ਕੇ ਹਿੰਸਾ ਕਰਵਾਈ। ਇਸ ਲਈ ਦਿੱਲੀ ਹਿੰਸਾ ਲਈ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਦਿੱਲੀ ਪੁਲਿਸ ਵਲੋਂ ਸੈਂਕੜੇ ਕਿਸਾਨਾਂ ’ਤੇ ਝੂਠੇ ਪਰਚੇ ਦਰਜ਼ ਕੀਤੇ ਗਏ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਲਗਾਤਾਰ ਧੱਕਾ ਕਰ ਰਹੀ ਹੈ।ਜਦੋਂਕਿ ਕਿਸਾਨ ਸਰਕਾਰ ਦੇ ਇਸ ਜ਼ਬਰ ਦਾ ਟਾਕਰਾ ਆਪਣੇ ਸਬਰ ਅਤੇ ਸ਼ਾਂਤਮਈ ਸੰਘਰਸ਼ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਡੀਸੀ ਬਰਨਾਲਾ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇ ਕੇ ਦਿੱਲੀ ਪੁਲਿਸ ਵਲੋਂ ਦਰਜ਼ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।