ਬਰਨਾਲਾ: ਜ਼ਿਲ੍ਹੇ ਦੇ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕਿਸਾਨ ਸੰਮੇਲਨ ਕਰਵਾਇਆ ਗਿਆ। ਕਿਸਾਨ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ। ਉਹਨਾਂ ਕਿਸਾਨ ਤੇ ਪੰਜਾਬ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਕਿਸਾਨ ਸੰਮੇਲਨ ਵਿੱਚ ਐਸ.ਵਾਈ.ਐਲ, ਪਰਾਲੀ ਦੀ ਸਮੱਸਿਆ ਨੂੰ ਲੈ ਕੇ ਚਰਚਾ ਹੋਈ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਅੱਜ ਹੋਏ ਕਿਸਾਨ ਸੰਮੇਲਨ ਵਿੱਚ ਕਿਸਾਨੀ ਤੇ ਪੰਜਾਬ ਦੇ ਮੁੱਦੇ ਵਿਚਾਰੇ ਗਏ ਹਨ। ਪੰਜਾਬ ਤੋਂ ਕਿਸੇ ਹੋਰ ਸੂਬੇ ਨੂੰ ਪਾਣੀ ਨਾ ਦੇਣ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਐਸ.ਵਾਈ.ਐਲ ਦੇ ਮੁੱਦੇ 'ਤੇ ਆਉਣ ਵਾਲੇ ਸਮੇਂ ਵਿੱਚ ਮੀਟਿੰਗ ਹੋਣ ਜਾ ਰਹੀ ਹੈ ਅਤੇ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਪੁੱਤ ਹੋਣ ਦੇ ਨਾਤੇ ਪੰਜਾਬ ਦਾ ਪਾਣੀ ਕਿਸੇ ਨੂੰ ਨਾ ਦੇਣ ਦੀ ਗੱਲ ਕਹੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਪਰਾਲੀ ਦਾ ਮੁੱਦਾ ਬਹੁਤ ਗੰਭੀਰ ਹੈ ਅਤੇ ਇਸ ਸਾਲ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਾਂ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਸੰਦ ਸਸਤੇ ਭਾਅ 'ਤੇ ਮੁਹੱਈਆ ਕਰਵਾਏ ਜਾਂ ਫਿਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਬਣ ਜਾਵੇਗੀ। ਜਦਕਿ ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਪਰਾਲੀ ਸਾੜਨ ਵਾਲੇ ਕਿਸਾਨ ਦੇ ਖੇਤ 'ਚ ਆਉਂਦਾ ਹੈ ਤਾਂ ਨੂੰ ਬੰਧਕ ਬਣਾ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਕਿਸਾਨਾਂ ਦੀ ਮੱਦਦ ਨਹੀਂ ਕਰੇਗੀ ਤੇ ਜੇਕਰ ਕੇਸ ਦਰਜ ਕੀਤੇ ਗਏ ਤਾਂ ਪੰਜਾਬ ਭਰ ਵਿੱਚ ਝੋਨੇ ਦੀ ਪਰਾਲੀ ਨੂੰ ਸੜਕਾਂ 'ਤੇ ਸੁੱਟ ਕੇ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: 'CM ਮਾਨ ਦੀ ਬਦੌਲਤ ਇੱਕ ਵਾਰ ਫਿਰ ਪੰਜਾਬੀਆਂ ਨੂੰ ਦੇਸ਼ ਦੇ ਸਾਹਮਣੇ ਹੋਣਾ ਪਿਆ ਸ਼ਰਮਸਾਰ'