ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਕਾਰਨ ਕੇਂਦਰ ਸਰਕਾਰ ਦੀ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਜੋ ਕਿ ਬੇਸਿੱਟਾ ਰਹੀ। ਇਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ 17 ਅਕਤੂਬਰ ਨੂੰ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਣ ਦਾ ਐਲਾਨ ਕੀਤਾ ਸੀ ਜਿਸ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਮੁਜ਼ਾਹਰਿਆਂ ਵਿੱਚ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਪ੍ਰਦਰਸ਼ਨਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਬੁਲਾ ਕੇ ਕਿਸਾਨ ਆਗੂਆਂ ਦੇ ਕੀਤੇ ਗਏ ਨਿਰਾਦਰ ਦੇ ਰੋਸ ਵਿੱਚ ਅੱਜ ਪੰਜਾਬ ਦੇ ਪਿੰਡਾਂ ਵਿੱਚ ਅਰਥੀਆਂ ਫੂਕੀਆਂ ਜਾ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਰੋਜ਼ਾਨਾ ਸੰਘਰਸ਼ ਤੇਜ਼ ਅਤੇ ਤਿੱਖਾ ਹੋ ਰਿਹਾ ਹੈ ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਰਹੀ ਹੈ। ਕਿਸਾਨੀ ਸੰਘਰਸ਼ਾਂ ਵਿੱਚ ਹੁਣ ਕਿਸਾਨਾਂ ਦੇ ਨਾਲ-ਨਾਲ ਔਰਤਾਂ ਤੇ ਨੌਜਵਾਨ ਵੀ ਸ਼ਾਮਲ ਹੋ ਰਹੇ ਹਨ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਿਰਧੜ ਦੀ ਬਾਜ਼ੀ ਕਿਸਾਨਾਂ ਵੱਲੋਂ ਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਕੀਤਾ ਤਾਂ ਉਹ ਦਿੱਲੀ ਵੱਲ ਨੂੰ ਵੀ ਕੂਚ ਕਰਨਗੇ।