ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਚੱਲ ਰਿਹਾ ਹੈ। ਇਸੇ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਸ਼ਹੀਦ ਹੋਏ ਹਨ। ਜਿਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਮੁਆਵਜ਼ਾ ਰਾਸ਼ੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪਰ ਬਰਨਾਲਾ ਜ਼ਿਲ੍ਹੇ ਦੇ ਤਿੰਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਕਿ ਜਿਨ੍ਹਾਂ ਸਮਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਮਿਲਦਾ, ਉਨ੍ਹਾਂ ਸਮਾਂ ਉਹ ਧਰਨਾ ਨਹੀਂ ਚੁੱਕਣਗੇ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੀ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਕਿਸਾਨ ਇਸ ਅੰਦੋਲਨ ਦੌਰਾਨ ਸ਼ਹੀਦ ਹੋਵੇਗਾ, ਉਸ ਨੂੰ ਪੰਜ ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ। ਪਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਅਤਰ ਸਿੰਘ ਵਾਲਾ, ਸੰਘੇੜਾ ਅਤੇ ਭਦੌੜ ਦੇ ਤਿੰਨ ਕਿਸਾਨ ਸ਼ਹੀਦ ਹੋਏ ਹਨ। ਜਿਨ੍ਹਾਂ ਵਿਚੋਂ ਦੋ ਕਿਸਾਨਾਂ ਦਾ ਅੰਤਿਮ ਸਸਕਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਵਾਅਦੇ ਤੋਂ ਬਾਅਦ ਕਰ ਦਿੱਤਾ ਗਿਆ। ਪਰ ਪ੍ਰਸ਼ਾਸਨ ਲੰਮੇ ਸਮੇਂ ਤੋਂ ਆਪਣੇ ਵਾਅਦੇ 'ਤੇ ਖਰਾ ਨਹੀਂ ਉਤਰਿਆ। ਜ਼ਿਲ੍ਹਾ ਪ੍ਰਸ਼ਾਸਨ ਨਾਲ ਕਈ ਵਾਰ ਮੀਟਿੰਗ ਕਰ ਚੁੱਕੇ ਹਨ, ਪਰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਮਿਲਿਆ।
ਕਿਸਾਨ ਬਲਵੀਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਨੇ ਅਜੇ ਨਹੀਂ ਕੀਤਾ। ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਆਵਜ਼ਾ ਨਾ ਦਿੱਤਾ ਤਾਂ ਉਹ ਕਿਸਾਨ ਬਲਬੀਰ ਸਿੰਘ ਦੀ ਮ੍ਰਿਤਕ ਦੇਹ ਡੀਸੀ ਦਫ਼ਤਰ ਅੱਗੇ ਰੱਖ ਕੇ ਪ੍ਰਦਰਸ਼ਨ ਕਰਨਗੇ।