ਬਰਨਾਲਾ: ਪੰਜਾਬ ਵਿੱਚ ਝੋਨੇ ਦੀ ਲਵਾਈ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਕਿਸਾਨਾਂ ਨੂੰ ਅਜੇ ਤੱਕ 8 ਘੰਟੇ ਨਿਰਵਿਘਨ ਬਿਜਲੀ ਨਹੀਂ ਮਿਲ ਰਹੀ ਹੈ ਜਿਸ ਕਾਰਨ ਕਿਸਾਨਾਂ ਨੇ ਸਰਕਾਰ ਅਤੇ ਪਾਵਰਕਾਮ ਪ੍ਰਤੀ ਭਾਰੀ ਰੋਸ ਜਾਹਿਰ ਕੀਤਾ।
![8 ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਘੇਰਿਆ ਐਕਸੀਅਨ ਦਫਤਰ](https://etvbharatimages.akamaized.net/etvbharat/prod-images/pb-bnl-farmerprotestaboutelectricity-pb10017_05072021150036_0507f_1625477436_354.jpg)
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ’ਚ ਬਿਜਲੀ ਵਿਭਾਗ ਦੇ ਐਕਸੀਅਨ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਪੰਜਾਬ ਵਿੱਚ ਸਰਪਲੱਸ ਬਿਜਲੀ ਹੋਣ ਦਾ ਦਾਅਵਾ ਕਰ ਰਹੀ ਹੈ। ਪਰ ਦੂਜੇ ਪਾਸੇ ਖੇਤੀ ਅਤੇ ਘਰੇਲੂ ਬਿਜਲੀ ਲਈ ਕਈ ਕਈ ਘੰਟੇ ਦੇ ਪਾਵਰ ਕੱਟ ਲਗਾਏ ਜਾ ਰਹੇ ਹਨ। ਕਿਸਾਨਾਂ ਨੂੰ ਸਰਕਾਰ ਨੇ ਅੱਠ ਘੰਟੇ ਝੋਨਾ ਲਗਾਉਣ ਲਈ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਇਸ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਕਿਸਾਨਾਂ ਨੂੰ ਝੋਨਾ ਪਾਲਣ ਲਈ ਸਿਰਫ ਪੰਜ ਘੰਟੇ ਬਿਜਲੀ ਮਿਲ ਰਹੀ ਹੈ। ਜਿਸ ਕਾਰਨ ਉਨ੍ਹਾਂ ਦਾ ਝੋਨਾ ਸੁੱਕਣ ਦੇ ਕਗਾਰ ’ਤੇ ਆ ਗਿਆ ਹੈ।
![8 ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਘੇਰਿਆ ਐਕਸੀਅਨ ਦਫਤਰ](https://etvbharatimages.akamaized.net/etvbharat/prod-images/pb-bnl-farmerprotestaboutelectricity-pb10017_05072021150036_0507f_1625477436_241.jpg)
ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।