ਬਰਨਾਲਾ: ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਦੌਰ ਵਿੱਚ ਵਾਢੀ ਦਾ ਸੀਜ਼ਨ ਖ਼ਤਮ ਹੋ ਚੁੱਕਾ ਹੈ। ਕਿਸਾਨ ਅਗਲੀ ਫ਼ਸਲ ਲਈ ਝੋਨਾ ਲਗਾਉਣ ਦੀਆਂ ਤਿਆਰੀਆਂ ਕਰਨ ਲੱਗੇ ਹਨ ਪਰ ਕਿਸਾਨਾਂ ਨੂੰ ਇਸ ਵਾਰ ਵੱਡੀ ਸਮੱਸਿਆ ਝੋਨਾ ਲਗਾਉਣ ਲਈ ਮਜ਼ਦੂਰਾਂ ਦੀ ਆ ਰਹੀ ਹੈ। ਇਸ ਕਰਕੇ ਕਿਸਾਨਾਂ ਵੱਲੋਂ 1 ਜੂਨ ਤੋਂ ਝੋਨਾ ਲਗਾਉਣ ਲਈ ਮੰਗ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਭਾਵੇਂ 10 ਮਈ ਤੋਂ ਝੋਨੇ ਦੀ ਪਨੀਰੀ ਲਗਾਉਣ ਅਤੇ 10 ਜੂਨ ਤੋਂ ਝੋਨਾ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਇਸ ਤਰੀਕ ਨੂੰ ਝੋਨਾ ਲਗਾਉਣ ਦੇ ਲਈ ਸਹੀ ਨਹੀਂ ਸਮਝਿਆ ਜਾ ਰਿਹਾ।
ਬਰਨਾਲਾ ਦੇ ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦੇ ਹੋਏ ਸਰਕਾਰ ਵੱਲੋਂ ਤੈਅ ਕੀਤੀ ਗਈ 10 ਜੂਨ ਦੀ ਤਰੀਕ ਨੂੰ ਨਕਾਰਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਕੋਰੋਨਾ ਵਾਇਰਸ ਕਰਕੇ ਦੇਸ਼ ਭਰ ਵਿੱਚ ਲੌਕਡਾਊਨ ਚੱਲ ਰਿਹਾ ਹੈ, ਜਿਸ ਕਰਕੇ ਝੋਨਾ ਲਗਾਉਣ ਲਈ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚ ਨਹੀਂ ਆਏ। ਇਸ ਕਰਕੇ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਮੁਸ਼ਕਿਲ ਆਵੇਗੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਵਾਰ 1 ਜੂਨ ਤੋਂ ਝੋਨਾ ਲਗਾਉਣ ਦੀ ਇਜਾਜ਼ਤ ਦੇਵੇ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਪੀੜਤਾਂ ਦੀ ਗਿਣਤੀ 41 ਲੱਖ ਤੋਂ ਪਾਰ, 2 ਲੱਖ 82 ਹਜ਼ਾਰ ਮੌਤਾਂ
ਕਿਸਾਨਾਂ ਨੇ ਕਿਹਾ ਕਿ ਸਰਕਾਰ 1 ਜੂਨ ਤੋਂ ਝੋਨਾ ਲਗਾਉਣ ਦੀ ਮਨਜ਼ੂਰੀ ਦੇ ਨਾਲ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਵੀ ਦੇਵੇ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਦੇ ਨਤੀਜੇ ਤੋਂ ਉਹ ਅਣਜਾਣ ਹਨ, ਜਿਸ ਕਰਕੇ ਰਵਾਇਤੀ ਢੰਗ ਨਾਲ ਹੀ ਝੋਨਾ ਲਗਾਇਆ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਮਜ਼ਦੂਰਾਂ ਦੀ ਤੰਗੀ ਕਾਰਨ ਕਿਸਾਨਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ਕਾਰਨ ਸੂਬੇ ਵਿੱਚ ਪ੍ਰਵਾਸੀ ਮਜ਼ਦੂਰ ਨਹੀਂ ਆ ਸਕੇ। ਸਰਕਾਰ ਅਤੇ ਅਧਿਕਾਰੀਆਂ ਵੱਲੋਂ ਦਫਤਰਾਂ ਵਿੱਚ ਬੈਠ ਕੇ ਫੈਸਲੇ ਲਏ ਜਾ ਰਹੇ ਹਨ, ਜੋ ਕਿਸਾਨਾਂ ਦੇ ਫਿੱਟ ਨਹੀਂ ਬੈਠ ਰਹੇ। ਜਿਵੇਂ ਹੀ ਝੋਨੇ ਦੀ ਪਨੀਰੀ ਤਿਆਰ ਹੁੰਦੀ ਹੈ, ਉਵੇਂ ਹੀ ਕਿਸਾਨਾਂ ਨੂੰ ਝੋਨਾ ਲਗਾਉਣ ਦੀ ਇਜਾਜ਼ਤ ਦਿੱਤੀ ਜਾਵੇ।