ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਪੰਜਾਬ ਵਿੱਚ ਸੜਕਾਂ 'ਤੇ ਉੱਤਰੀਆਂ ਹਨ, ਜਿਸ ਨੂੰ ਲੈ ਕੇ ਬਰਨਾਲਾ ਵਿਖੇ ਵੀ ਸੋਮਵਾਰ ਨੂੰ 12 ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੋਮਵਾਰ ਨੂੰ ਪੰਜਾਬ ਭਰ ਵਿੱਚ ਇਹ ਸੰਘਰਸ਼ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸੜਕਾਂ 'ਤੇ ਉਤਰੇ ਹਨ। ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਸਮੇਤ ਪੂਰੇ ਦੇਸ਼ ਦੀ ਕਿਸਾਨੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ, ਜਿਸ ਕਰਕੇ ਕਿਸਾਨਾਂ ਨੇ ਇਸਦੇ ਖ਼ਿਲਾਫ਼ ਮੋਰਚਾ ਸੰਭਾਲਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਕਿਸਾਨ ਹਤੈਸ਼ੀ ਹੋਣ ਦਾ ਡਰਾਮਾ ਰੱਚ ਰਿਹਾ ਹੈ, ਕਿਉਂਕਿ ਇੱਕ ਪਾਸੇ ਅਕਾਲੀ ਦਲ ਵੱਲੋਂ ਇਨ੍ਹਾਂ ਆਰਡੀਨੈਂਸਾਂ 'ਤੇ ਦਸਤਖ਼ਤ ਕੀਤੇ ਗਏ ਹਨ ਉੱਥੇ ਦੂਜੇ ਪਾਸੇ ਇਸ ਦਾ ਵਿਰੋਧ ਕਰਨ ਦੀ ਗੱਲ ਆਖ ਰਿਹਾ ਹੈ।
ਇਸ ਮੌਕੇ ਕਿਸਾਨ ਆਗੂ ਪਵਿੱਤਰ ਸਿੰਘ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਇੱਕ ਝਲਕ ਪੇਸ਼ ਕੀਤੀ ਗਈ ਹੈ। ਦਿਨੋਂ ਦਿਨ ਇਹ ਸੰਘਰਸ਼ ਇਸੇ ਤਰ੍ਹਾਂ ਹੋਰ ਭਖਦਾ ਜਾਵੇਗਾ। ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜੋ: ਬੈਂਸ ਦੇ ਹਲਕੇ ਦਾ ਤਾਂ ਰੱਬ ਹੀ ਰਾਖਾ, ਸੜਕਾਂ ਦੀ ਹਾਲਤ ਖਸਤਾ