ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਆਪਣਾ ਸੰਘਰਸ਼ ਕਰ ਰਹੇ ਹਨ। ਲਗਾਤਾਰ 16ਵੇਂ ਦਿਨ ਵੀ ਕਿਸਾਨਾਂ ਵੱਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਬਠਿੰਡਾ ਅੰਬਾਲਾ ਰੇਲਵੇ ਪੱਟੜੀ ਉੱਤੇ ਆਪਣਾ ਰੇਲ ਰੋਕੋ ਅੰਦੋਲਨ ਜਾਰੀ ਰੱਖਿਆ ਗਿਆ। 16ਵੇਂ ਦਿਨ ਵੱਡੀ ਗਿਣਤੀ ਵਿੱਚ ਨੌਜਵਾਨ, ਔਰਤਾਂ, ਕਿਸਾਨ ਧਰਨੇ ਵਿੱਚ ਸ਼ਾਮਲ ਹੋਏ।
ਧਰਨੇ ਦੌਰਾਨ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ 16ਵੇਂ ਦਿਨ ਵੀ ਕਿਸਾਨਾਂ ਵਿੱਚ ਇਸ ਸੰਘਰਸ਼ ਪ੍ਰਤੀ ਪੂਰਾ ਜੋਸ਼ ਅਤੇ ਉਤਸ਼ਾਹ ਹੈ। ਲੋਕ ਵੱਡੀ ਗਿਣਤੀ ਵਿੱਚ ਇਨ੍ਹਾਂ ਧਰਨਿਆਂ ਵਿੱਚ ਸ਼ਾਮਿਲ ਹੋ ਰਹੇ ਹਨ। ਬੀਤੇ ਕੱਲ੍ਹ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਪੂਰੇ ਪੰਜਾਬ ਵਿੱਚ ਸ਼ਨੀਵਾਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਬਰਨਾਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਵੱਖ-ਵੱਖ ਕਿਸਾਨੀ ਮੋਰਚਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਕਰਨੈਲ ਸਿੰਘ ਗਾਂਧੀ ਨੇ ਕਿਹਾ ਕਿ ਜਥੇਬੰਦੀਆਂ ਦੇ ਸੱਦੇ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਵੀ ਘਿਰਾਓ ਕੀਤੇ ਜਾਣ ਦੇ ਪ੍ਰੋਗਰਾਮ ਬਣਾਏ ਜਾ ਰਹੇ ਸਨ। ਜੇਕਰ ਕੋਈ ਵੀ ਭਾਜਪਾ ਆਗੂ ਪਿੰਡਾਂ ਵਿੱਚ ਦਾਖ਼ਲ ਹੋਇਆ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ। ਬਰਨਾਲਾ ਜ਼ਿਲ੍ਹੇ ਵਿੱਚ ਵੀ ਰਣਨੀਤੀ ਬਣਾ ਕੇ ਜ਼ਿਲ੍ਹੇ ਨਾਲ ਸਬੰਧਤ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਆਰ ਪਾਰ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸਿਰ ਧੜ ਦੀ ਬਾਜ਼ੀ ਲਾਈ ਜਾਵੇਗੀ।
