ਬਰਨਾਲਾ: ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਨੂੰ ਲੈ ਕੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦਾ ਅੱਜ ਬਰਨਾਲਾ ਵਿੱਚ ਇਸ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਅਤੇ ਵਪਾਰੀ ਵਰਗ ਵੱਲੋਂ ਮਿਲ ਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੂੰ ਅਪੀਲ ਕਰਕੇ ਬਾਜ਼ਾਰ ਵੀ ਬੰਦ ਕਰਵਾਏ ਗਏ ਹਨ।
ਇਸ ਮੌਕੇ ਵਪਾਰੀ ਵਰਗ ਦੇ ਆਗੂਆਂ ਨੇ ਕਿਹਾ ਕਿ ਬਰਨਾਲਾ ਸ਼ਹਿਰ ਦੇ ਪੂਰੇ ਵਪਾਰੀਆਂ ਵੱਲੋਂ ਦੁਕਾਨਦਾਰਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਸਹਿਯੋਗ ਦਿੱਤਾ ਗਿਆ ਹੈ। ਸਾਰੇ ਹੀ ਬਰਨਾਲੇ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਬੰਦ ਕਰਕੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਹਰ ਵਰਗ ਨੇ ਸਹਿਯੋਗ ਦਿੱਤਾ ਹੈ। ਅੱਜ ਪੂਰਾ ਬਰਨਾਲਾ ਜ਼ਿਲ੍ਹਾ ਮੁਕੰਮਲ ਬੰਦ ਰਿਹਾ ਹੈ। ਕਿਸੇ ਵੀ ਦੁਕਾਨਦਾਰ ਜਾਂ ਕਾਰੋਬਾਰੀ ਵੱਲੋਂ ਆਪਣੇ ਕਾਰੋਬਾਰ ਨਹੀਂ ਚਲਾਏ ਗਏ।
ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਇੱਥੇ ਹੀ ਨਹੀਂ ਰੁਕੇਗਾ। ਜਦੋਂ ਤੱਕ ਬਿੱਲ ਰੱਦ ਨਹੀਂ ਹੁੰਦੇ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਵਿੱਚ ਮਤਾ ਪਾਸ ਕਰਨਾ ਚਾਹੀਦਾ ਹੈ ਨਹੀਂ ਤਾਂ ਇੱਕ ਤਰੀਕ ਤੋਂ ਪੰਜਾਬ ਸਰਕਾਰ ਵਿਰੁੱਧ ਵੀ ਮੋਰਚਾ ਖੋਲ੍ਹ ਦਿੱਤਾ ਜਾਵੇਗਾ।
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀ ਹੋਂਦ ਦੇ ਸਵਾਲ ਨੂੰ ਲੈ ਕੇ ਸੜਕਾਂ ਤੇ ਉਤਰੇ ਹੋਏ ਹਨ ਅਤੇ ਕਿਸੇ ਵੇਲੇ ਵੀ ਦਿੱਲੀ ਵੱਲ ਕੂਚ ਕਰ ਸਕਦੇ ਹਨ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਆਗੂ ਦਰਸ਼ਨ ਸਿੰਘ ਸੰਘੇੜਾ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਪੂਰਾ ਆੜ੍ਹਤੀ ਐਸੋਸੀਏਸ਼ਨ ਦੇ ਸੰਘਰਸ਼ ਨੂੰ ਹਮਾਇਤ ਕੀਤੀ ਗਈ ਹੈ।
ਇਸ ਤਹਿਤ ਅੱਜ ਬਰਨਾਲਾ, ਤਪਾ, ਭਦੌੜ ਧਨੌਲਾ ਦੇ ਸਾਰੇ ਆੜ੍ਹਤੀਆਂ ਵੱਲੋਂ ਆਪਣੇ ਕੰਮ ਬੰਦ ਕਰਕੇ ਕਿਸਾਨਾਂ ਦੇ ਸੰਘਰਸ਼ ਵਿਚ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਵਰਗ ਕਿਸਾਨਾਂ ਦੇ ਨਾਲ ਰੇਲ ਮਾਰਗਾਂ, ਸੜਕ ਮਾਰਗਾਂ 'ਤੇ ਵੀ ਬੈਠ ਕੇ ਸੰਘਰਸ਼ ਕਰੇਗਾ।