ਬਰਨਾਲਾ: ਜ਼ਿਲ੍ਹੇ ’ਚ ਝੋਨੇ ਦੀ ਖਰੀਦ ’ਚ 10 ਦਿਨਾਂ ਦੀ ਦੇਰੀ ਕੀਤੇ ਜਾਣ ਦੇ ਰੋਸ ਵੱਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ। ਦੱਸ ਦਈਏ ਕਿ ਇਹ ਘਿਰਾਓ ਕਿਸਾਨ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਘਿਰਾਓ ਦੌਰਾਨ ਵੱਡੀ ਗਿਣਤੀ ਚ ਕਿਸਾਨਾਂ ਦੇ ਨਾਲ ਨਾਲ ਔਰਤਾਂ ਵੀ ਸ਼ਾਮਲ ਹੋਈਆਂ ਸਨ।
'ਨਮੀ ਅਤੇ ਮੀਂਹ ਦਾ ਸਿਰਫ਼ ਬਹਾਨਾ'
ਇਸ ਦੌਰਾਨ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਪਿਛਲੇ ਸਾਲਾਂ ’ਚ 1 ਅਕਤੂਬਰ ਤੋਂ ਸ਼ੁਰੂ ਹੋ ਜਾਂਦੀ ਸੀ। ਪਰ ਇਸ ਵਾਰ ਕੇਂਦਰ ਸਰਕਾਰ ਨੇ ਮੀਂਹ ਅਤੇ ਨਮੀ ਦਾ ਬਹਾਨਾ ਲਗਾ ਕੇ ਇਹ ਖ਼ਰੀਦ 1 ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਕਰਨ ਦਾ ਐਲਾਨ ਕੀਤਾ ਹੈ। ਜਿਸਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਡੀਸੀ ਦਫ਼ਤਰਾਂ ਦਾ ਘਿਰਾਓ ਕਰਕੇ ਉਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਮੀ ਅਤੇ ਮੀਂਹ ਦਾ ਸਿਰਫ਼ ਬਹਾਨਾ ਹੈ, ਜਦਕਿ ਸਰਕਾਰ ਝੋਨੇ ਦੀ ਖ਼ਰੀਦ ਵਿੱਚ ਦੇਰੀ ਕਰਕੇ ਕਿਸਾਨਾਂ ਦੀ ਲੁੱਟ ਕਰਨਾ ਚਾਹੁੰਦੀ ਹੈ।
ਪੰਜਾਬ ਸਰਕਾਰ ਵੀ ਜਿੰਮੇਵਾਰ
ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦਾ ਇਰਾਦਾ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਦਾ ਹੈ। ਇਹੀ ਲੜਾਈ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਲੜ ਰਹੇ ਹਨ। ਜਿਵੇਂ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਖੇਤੀ ਅਤੇ ਕਿਸਾਨੀ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। ਉੰਝ ਹੀ ਝੋਨੇ ਦੀ ਖਰੀਦ ਵਿੱਚ ਦੇਰੀ ਕਰਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਲਈ ਪੰਜਾਬ ਸਰਕਾਰ ਵੀ ਜਿੰਮੇਵਾਰ ਹੈ। ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਝੋਨੇ ਦੀ ਫ਼ਸਲ ਵਿੱਚ ਕੀਤੀ ਦੇਰੀ ਨੂੰ ਰੱਦ ਕਰਕੇ ਤੁਰੰਤ ਖ਼ਰੀਦ ਸ਼ੁਰੂ ਕਰੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਵਿਰੋਧ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜੋ: ਦੂਜੇ ਸੂਬਿਆਂ ਤੋਂ ਪੰਜਾਬ ’ਚ ਝੋਨੇ ਦੀ ਆਮਦ ਜਾਰੀ, ਸਰਕਾਰ ਨੇ ਫੜ੍ਹੇ ਟਰੱਕ