ਬਰਨਾਲਾ : ਦੇਸ਼ ਭਰ ਵਿੱਚ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਨਾਲ ਲਗਾਤਾਰ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ। ਅੱਜ ਸੰਯੁਕਤ ਮੋਰਚੇ ਦੀ ਕਾਲ ਤੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ ਬਰਨਾਲਾ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਲਿਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਤੇਲ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਦੇਸ਼ ਦਾ ਹਰ ਵਰਗ ਮਾਯੂਸ ਤੇ ਦੁਖੀ ਹੈ। ਤੇਲ ਦੀਆਂ ਚੜ ਰਹੀਆਂ ਅਸਮਾਨੀ ਕੀਮਤਾਂ ਕਾਰਨ ਹੀ ਹਰ ਇੱਕ ਵਸਤੂ ਦੀ ਮਹਿੰਗਾਈ ਹੋ ਰਹੀ ਹੈ। ਜਿਸ ਨਾਲ ਹਰ ਵਰਗ ਦਾ ਲੱਕ ਟੁੱਟ ਰਿਹਾ ਹੈ। ਵਧ ਰਹੀ ਮਹਿੰਗਾਈ ਕਾਰਨ ਆਮ ਆਦਮੀ ਦੇ ਖਰਚ ਵਿੱਚ ਵਾਧਾ ਹੋ ਰਿਹਾ ਹੈ। ਆਮਦਨ ਵਿੱਚ ਕੋਈ ਵਾਧਾ ਨਹੀਂ ਹੋ ਰਿਹਾ।
ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਦੇਣ ਲਈ ਤੇਲ ਕੀਮਤਾਂ ਵਿੱਚ ਸਰਕਾਰ ਵਲੋਂ ਵਾਧਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਆਮ ਆਦਮੀ ਦੀ ਪ੍ਰਤੀ ਵਿਅਕਤੀ ਦਿਨ ਰੋਜ਼ਾਨਾ ਆਮਦਨ ਘਟ ਰਹੀ ਹੈ ਅਤੇ ਖਰਚੇ ਵਧ ਰਹੇ ਹਨ। ਜਿਸ ਨਾਲ ਆਮ ਲੋਕਾਂ ਨੂੰ ਘਰ ਦੀ ਰਸੋਈ ਦਾ ਖਰਚਾ ਚਲਾਉਣਾ ਵੀ ਔਖਾ ਹੋ ਗਿਆ ਹੈ। ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਤੇਲ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲਵੇ ਨਹੀਂ ਤਾਂ ਜਿਸ ਤਰਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਚੱਲ ਰਿਹਾ ਹੈ। ਉਸੇ ਤਰ੍ਹਾਂ ਹੀ ਤੇਲ ਕੀਮਤਾਂ ਖਿਲਾਫ਼ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨਾਂ ਕਿਹਾ ਜਿੰਨਾ ਸਮਾਂ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਨਹੀਂ ਹੁੰਦੇ, ਆਉਣ ਵਾਲੇ ਸਮੇਂ ਵਿਚ ਅੰਦੋਲਨ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Agricultural Law: ਹੁਸ਼ਿਆਰਪੁਰ ਪਹੁੰਚਣ ’ਤੇ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ