ਬਰਨਾਲਾ: ਇੱਕ ਪਾਸੇ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਉਥੇ ਹੀ ਪੰਜਾਬ ਵਿੱਚ ਕਿਸਾਨਾਂ ਵੱਲੋਂ ਇਨ੍ਹਾਂ ਹਾਲਾਤ ਵਿੱਚ ਝੋਨਾ ਵੀ ਲਗਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆਸੀ, ਪਰ ਇਸ ਦੇ ਉਲਟ ਖੇਤਾਂ ਲਈ ਸਹੀ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਵੱਲੋਂ ਪਿੰਡ ਚੀਮਾ-ਜੋਧਪੁਰ ਦੇ ਗਰਿੱਡ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ।
ਇਸ ਸਬੰਧੀ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਇਸ ਦੇ ਉਲਟ ਬਿਜਲੀ ਅਧਿਕਾਰੀ ਕਿਸਾਨਾਂ ਨੂੰ ਖੱਜਲ-ਖ਼ੁਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਪਿਛਲੇ 3 ਦਿਨਾਂ ਤੋਂ ਚੀਮਾ-ਜੋਧਪੁਰ ਗਰਿੱਡ ਤੋਂ ਚੱਲ ਰਹੇ ਜਵੰਧਾ ਫ਼ੀਡਰ 'ਤੇ ਨਾ ਮਾਤਰ ਬਿਜਲੀ ਮਿਲੀ ਹੈ, ਜਿਸ ਕਰਕੇ ਕਿਸਾਨਾਂ ਨੂੰ ਝੋਨਾ ਲਗਾਉਣ ਵਿੱਚ ਦੇਰੀ ਹੋ ਰਹੀ ਹੈ।
ਇਹ ਵੀ ਪੜ੍ਹੋ: SIT ਨੂੰ ਬਾਦਲਾਂ ਦੇ ਕਰੀਬੀ ਜੱਜਾਂ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਕੀਤੇ ਜਾਣ ਤੇ ਇਤਰਾਜ਼
ਉਥੇ ਹੀ ਜਿਨ੍ਹਾਂ ਕਿਸਾਨਾਂ ਵੱਲੋਂ ਝੋਨਾ ਲਗਾ ਲਿਆ ਗਿਆ ਹੈ, ਉਨ੍ਹਾਂ ਦਾ ਝੋਨਾ ਪਾਣੀ ਤੋਂ ਬਿਨ੍ਹਾਂ ਸੁੱਕ ਰਿਹਾ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਇਸ ਸਬੰਧੀ ਉਹ ਬਿਜਲੀ ਅਧਿਕਾਰੀਆਂ ਨਾਲ ਗੱਲ ਕਰਦੇ ਹਾਂ ਤਾਂ ਉਹ ਭੱਦੀ ਕਿਸਾਨਾਂ ਲਈ ਸ਼ਬਦਾਵਲੀ ਵਰਤਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਅੱਜ ਉਨ੍ਹਾਂ ਨੂੰ ਗਰਿੱਡ ਦਾ ਘਿਰਾਓ ਕਰਕੇ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ।