ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਘਰਾਂ ਦੀਆਂ ਛੱਤਾਂ ਉੱਤੇ ਖਾਲੀ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਮਜ਼ਦੂਰਾਂ ਦੇ ਘਰਾਂ ਵਿੱਚ ਰਾਸ਼ਨ ਨਾ ਮੁਹੱਈਆ ਕਰਵਾਉਣ, ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਕਰਨ ਤੇ ਸਿਹਤ ਸਹੂਲਤਾਂ ਨਾ ਦਿੱਤੇ ਜਾਣ ਦੇ ਕਾਰਨ ਕਿਸਾਨਾਂ ਵੱਲੋਂ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਤਾਂ ਲੋਕ ਜਲਦੀ ਹੀ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ 'ਤੇ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਆੜ ਵਿੱਚ ਸਰਕਾਰਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ। ਮੋਦੀ ਅਤੇ ਕੈਪਟਨ ਦੋਵੇਂ ਟੀਵੀ 'ਤੇ ਬੈਠ ਕੇ ਫੋਕੇ ਦਾਅਵੇ ਕਰ ਰਹੇ ਹਨ ਤੇ ਗੱਪ ਮਾਰ ਰਹੇ ਹਨ। ਆਮ ਲੋਕਾਂ ਨੂੰ ਜ਼ਮੀਨੀ ਪੱਧਰ ਦੇ ਵੱਡੇ ਪੱਧਰ 'ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੋਰੋਨਾ ਵਾਇਰਸ ਕਾਰਨ ਇੱਕ ਮਹੀਨੇ ਤੋਂ ਲੋਕ ਘਰਾਂ ਵਿੱਚ ਬੰਦ ਹਨ। ਜਿਸ ਕਰਕੇ ਗਰੀਬ ਪਰਿਵਾਰਾਂ ਦੇ ਘਰਾਂ ਵਿੱਚ ਰਾਸ਼ਨ ਖ਼ਤਮ ਹੋ ਚੁੱਕਾ ਹੈ, ਜੋ ਸਰਕਾਰ ਨੇ ਅਜੇ ਤੱਕ ਮੁਹੱਈਆ ਨਹੀਂ ਕਰਵਾਇਆ। ਇਸ ਕਰਕੇ ਲੋਕ ਭੁੱਖੇ ਮਰਨ ਲਈ ਮਜਬੂਰ ਹਨ।
ਇਹ ਵੀ ਪੜ੍ਹੋ: ਮੁਲਾਜ਼ਮਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਕੂਲ ਬਣਿਆ ਫੈਕਟਰੀ, ਮੁਫ਼ਤ 'ਚ ਕੀਤੀ ਜਾ ਰਹੀ ਮਦਦ
ਕਿਸਾਨ ਮੰਡੀਆਂ ਵਿੱਚ ਆਪਣੀਆਂ ਫ਼ਸਲਾਂ ਲੈ ਕੇ ਰੁਲ ਰਹੇ ਹਨ ਤੇ ਸਰਕਾਰ ਤੇ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ। ਸਿਹਤ ਸਹੂਲਤਾਂ ਵੀ ਲੋਕਾਂ ਨੂੰ ਨਾ ਮਾਤਰ ਹੀ ਦਿੱਤੀਆਂ ਜਾ ਰਹੀਆਂ ਹਨ। ਪਿੰਡਾਂ ਵਿੱਚ ਨਾ ਡਾਕਟਰ ਹਨ ਅਤੇ ਨਾ ਹੀ ਦਵਾਈਆਂ ਹਨ, ਜਿਸ ਕਰਕੇ ਲੋਕਾਂ ਦਾ ਇਲਾਜ ਨਹੀਂ ਹੋ ਰਿਹਾ।
ਉਨ੍ਹਾਂ ਕਿਹਾ ਕਿ ਹੁਣ ਲੋਕ ਬਹੁਤਾ ਸਮਾਂ ਘਰਾਂ ਵਿੱਚ ਬੰਦ ਨਹੀਂ ਰਹਿਣਗੇ। ਲੋਕ ਭੁੱਖੇ ਮਰਨ ਤੋਂ ਚੰਗਾ ਹੈ, ਸੜਕਾਂ 'ਤੇ ਆ ਕੇ ਪ੍ਰਦਰਸ਼ਨ ਕਰਨਗੇ।