ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਸੁਣਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਪੰਜ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢ ਕੇ ਲਾਮਬੰਦੀ ਦਾ ਹੋਕਾ ਦਿੱਤਾ। ਕਿਸਾਨਾਂ ਵੱਲੋਂ ਕਿਸਾਨਾਂ ਨੂੰ 26 ਜਨਵਰੀ ਨੂੰ ਦਿੱਲੀ ਜਾਣ ਦਾ ਹੋਕਾ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹਨ। ਜਿਸ ਤਹਿਤ ਘਰਾਂ ਵਿੱਚ ਬੈਠੇ ਕਿਸਾਨਾਂ ਨੂੰ 26 ਜਨਵਰੀ ਮੌਕੇ ਦਿੱਲੀ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ 100 ਤੋਂ ਵਧੇਰੇ ਟਰੈਕਟਰਾਂ ਨਾਲ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਜਾਣ ਲਈ ਕਿਸਾਨਾਂ ਵਿੱਚ ਬਹੁਤ ਜੋਸ਼ ਹੈ। ਕਿਸਾਨ ਜਥੇਬੰਦੀਆਂ ਵੱਲੋਂ ਜੇਕਰ ਬੈਰੀਗੈਡ ਤੋੜ ਕੇ ਦਿੱਲੀ ’ਚ ਦਾਖ਼ਲ ਹੋਣ ਦਾ ਸੱਦਾ ਗਿਆ ਤਾਂ ਉਹ ਪਿੱਛੇ ਨਹੀਂ ਹੱਟਣਗੇ। ਜੇਕਰ ਜਥੇਬੰਦੀਆਂ ਸ਼ਾਂਤਮਈ ਟਰੈਕਟਰ ਪਰੇਡ ਕਰਨ ਦਾ ਸੱਦਾ ਦਿੰਦੀਆਂ ਹਨ ਤਾਂ ਟਰੈਕਟਰ ਪਰੇਡ ਉਸ ਤਰ੍ਹਾਂ ਹੋਵੇਗੀ। 26 ਜਨਵਰੀ ਮੌਕੇ ਪੰਜਾਬ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਟਰੈਕਟਰ ਦਿੱਲੀ ਵਿੱਚ ਹੋਣ ਵਾਲੀ ਕਿਸਾਨਾਂ ਦੀ ਪਰੇਡ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ ਜਾਰੀ ਰੱਖਿਆ ਜਾਵੇਗਾ।