ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੁਧ ਕਿਸਾਨਾਂ ਦੇ ਸੰਘਰਸ਼ ਵਿਚਾਲੇ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।
ਬਰਨਾਲਾ ਦੇ ਕਸਬਾ ਧਨੌਲਾ ਵਿਖੇ ਖੇਤੀ ਕਾਨੂੰਨਾਂ ਦੇ ਸੰਘਰਸ਼ ਕਾਰਨ ਚੋਣਾਂ ਦੇ ਬਾਈਕਾਟ ਦੀ ਆਵਾਜ਼ ਉਠਣ ਲੱਗੀ ਹੈ। ਧਨੌਲਾ ਦੇ ਵਾਰਡਾਂ ਵਿੱਚ ਲੋਕਾਂ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਘਰਾਂ ਅੱਗੇ ਨਗਰ ਕੌਂਸਲ ਚੋਣਾਂ ਸਬੰਧੀ ਪਰਚੇ ਲਗਾਏ ਹਨ, ਜਿਸ ਵਿੱਚ ਕਿਸੇ ਸਿਆਸੀ ਵਿਅਕਤੀ ਨੂੰ ਵੋਟ ਨਾ ਮੰਗਣ ਲਈ ਕਿਹਾ ਗਿਆ।
ਧਨੌਲਾ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਕਿਸਾਨੀ ਸੰਘਰਸ਼ ਦਾ ਸਾਥ ਦੇਣ ਦੀ ਗੱਲ ਆਖ ਰਹੀ ਹੈ। ਪਰ ਦੂਜੇ ਪਾਸੇ ਕਿਸਾਨੀ ਸੰਘਰਸ਼ ਦੇ ਬਾਵਜੂਦ ਨਗਰ ਕੌਂਸਲ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸਾਡੀਆਂ ਮਾਵਾਂ, ਬਾਪੂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਮੋਰਚੇ ਵਿੱਚ ਸੰਘਰਸ਼ ਕਰ ਰਹੇ ਹਨ, ਜਿਸ ਕਰਕੇ ਉਹ ਇਨ੍ਹਾਂ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਨਗਰ ਕੌਂਸਲ ਚੋਣਾਂ ਰੱਦ ਕਰਨੀਆਂ ਚਾਹੀਦੀਆਂ ਹਨ। ਜੇਕਰ ਸਰਕਾਰ ਚੋਣਾਂ ਰੱਦ ਨਹੀਂ ਕਰਦੀ ਤਾਂ ਉਹ ਚੋਣਾਂ ਦਾ ਬਾਈਕਾਟ ਕਰਨਗੇ। ਇਸੇ ਕਾਰਨ ਹੀ ਉਨ੍ਹਾਂ ਆਪਣੇ ਘਰਾਂ ਅੱਗੇ ਪਰਚੇ ਛਪਵਾ ਕੇ ਲਗਾਏ ਹਨ ਕਿ ਕੋਈ ਵੀ ਸਿਆਸੀ ਉਮੀਦਵਾਰ ਉਨ੍ਹਾਂ ਦੇ ਘਰਾਂ ਵਿੱਚ ਵੋਟ ਮੰਗਣ ਨਾ ਆਵੇ।