ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਦਿੱਲੀ ਵਿਖੇ ਪੱਕੇ ਮੋਰਚੇ ਲਗਾਏ ਹੋਏ ਹਨ। ਉੱਥੇ ਨਾਲ ਹੀ ਪੰਜਾਬ ਵਿੱਚ ਵੀ ਕਿਸਾਨਾਂ ਦੇ ਭਾਜਪਾ ਲੀਡਰਾਂ ਅੱਗੇ ਧਰਨੇ ਜਿਉਂ ਦੇ ਤਿਉਂ ਚੱਲ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਸੂਬਾ ਮਹਿਲਾ ਆਗੂ ਦੇ ਘਰ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਲਗਾਤਾਰ ਦੋ ਮਹੀਨਿਆਂ ਤੋਂ ਪੱਕੇ ਮੋਰਚੇ ਜਾਰੀ ਹਨ। ਇਨ੍ਹਾਂ ਧਰਨਿਆਂ ਵਿੱਚ ਵੀ ਕਿਸਾਨਾਂ ਅਤੇ ਔਰਤਾਂ ਦੀ ਸ਼ਮੂਲੀਅਤ ਪਹਿਲਾਂ ਵਾਂਗ ਜਾਰੀ ਹੈ ਅਤੇ ਕਿਸਾਨ ਪੂਰੇ ਜੋਸ਼ ਤੇ ਉਤਸ਼ਾਹ ਨਾਲ ਧਰਨਿਆਂ ਵਿੱਚ ਸ਼ਾਮਲ ਹੋ ਰਹੇ ਹਨ।
ਦਿੱਲੀ ਦੇ ਨਾਲ ਨਾਲ ਪੰਜਾਬ ਵਿੱਚ ਵੀ ਭਾਜਪਾ ਦੇ ਲੀਡਰਾਂ ਦਾ ਘਿਰਾਓ ਜਾਰੀ ਹੈ ਅਤੇ ਕਿਸਾਨ ਪੂਰੇ ਜੋਸ਼ ਨਾਲ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਬੈਠੇ ਕਿਸਾਨਾਂ ਨੂੰ ਪੰਜਾਬ ਤੋਂ ਲਗਾਤਾਰ ਸਮਰੱਥਨ ਮਿਲ ਰਿਹਾ ਹੈ ਅਤੇ ਕਾਫ਼ਲੇ ਬੰਨ੍ਹ ਕੇ ਦਿੱਲੀ ਨੂੰ ਰਵਾਨਾ ਹੋ ਰਹੇ ਹਨ । ਜਿਨ੍ਹਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਪੰਜਾਬ ਸਮੇਤ ਦਿੱਲੀ ਦੇ ਮੋਰਚੇ ਖ਼ਤਮ ਹੋਣ ਵਾਲੇ ਨਹੀਂ ਹਨ ਅਤੇ ਇਹ ਸੰਘਰਸ਼ ਦਿਨੋਂ ਦਿਨ ਤੇਜ਼ ਹੁੰਦਾ ਜਾਵੇਗਾ।