ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਉੱਤੇ ਕਿਸਾਨਾਂ ਦਾ ਪੱਕਾ ਮੋਰਚਾ 39ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਪਰ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਖਾਲੀ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨਾ ਚਲਾਏ ਜਾਣ ਤੋਂ ਕਿਸਾਨਾਂ ਦੇ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਜਗਸੀਰ ਸਿੰਘ ਛੀਨੀਵਾਲ ਅਤੇ ਬਲਵਿੰਦਰ ਸਿੰਘ ਦੁੱਗਲ ਨੇ ਕਿਹਾ ਕਿ ਲਗਾਤਾਰ ਉਨ੍ਹਾਂ ਦਾ ਪੱਕਾ ਮੋਰਚਾ ਰੇਲਵੇ ਲਾਈਨਾਂ ਅਤੇ ਪਲੇਟਫਾਰਮ ਤੋਂ ਚੱਕ ਕੇ ਰੇਲਵੇ ਪਾਰਕਿੰਗ ਵਿੱਚ ਕਰ ਲਿਆ ਗਿਆ ਹੈ। ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਮਾਲ ਗੱਡੀਆਂ ਨਾ ਚਲਾਉਣ 'ਤੇ ਅੜੀ ਹੋਈ ਹੈ।

ਕੇਂਦਰ ਸਰਕਾਰ ਮਾਲ ਗੱਡੀਆਂ ਦੇ ਨਾਲ ਨਾਲ ਮੁਸਾਫ਼ਰ ਗੱਡੀ ਵੀ ਚਲਾਉਣਾ ਚਾਹੁੰਦੀ ਹੈ। ਪਰ ਕਿਸਾਨ ਜਥੇਬੰਦੀਆਂ ਵਲੋਂ ਮੁਸਾਫ਼ਰ ਗੱਡੀ ਨੂੰ ਪੰਜਾਬ ਵਿੱਚ ਨਹੀਂ ਚੱਲਣ ਦੇਣ ਦੀ ਸ਼ਰਤ ਰੱਖੀ ਗਈ ਹੈ।

ਉਨ੍ਹਾਂ ਕਿਹਾ ਕਿ ਮਾਲ ਗੱਡੀਆਂ ਨਾ ਆਉਣ ਕਾਰਨ ਪੰਜਾਬ ਦੇ ਵਿੱਚ ਕੋਲੇ, ਯੂਰੀਏ ਦੀ ਘਾਟ ਦੇ ਨਾਲ ਨਾਲ ਵਪਾਰ ਤੇ ਭਾਰੀ ਅਸਰ ਪੈ ਰਿਹਾ ਹੈ। ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਪੰਜਾਬ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਅੜੀਅਲ ਵਤੀਰੇ ਕਾਰਨ ਕਿਸਾਨਾਂ ਦੇ ਨਾਲ ਨਾਲ ਹੋਰਨਾਂ ਵਰਗਾਂ ਵਿੱਚ ਵੀ ਕੇਂਦਰ ਸਰਕਾਰ ਵਿਰੁੱਧ ਹੋਰ ਰੋਸ ਭਰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਕੀਤਾ ਸੰਘਰਸ਼ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ।