ਬਰਨਾਲਾ: ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪੰਜਾਬ ਦੇ 5 ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਬਰਨਾਲਾ ਦੇ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਬੀਜੇਪੀ ਆਗੂ ਦੇ ਘਰ ਬਾਹਰ ਰੋਸ ਪ੍ਰਦਰਸ਼ਨ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਦਿੱਲੀ ਸੰਘਰਸ਼ ਮੋਰਚੇ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣ।
ਸੰਘਰਸ਼ ਰਹੇਗਾ ਜਾਰੀ: ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਦੌਰਾਨ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਸਾਰੀਆਂ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ, ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਦੇਣ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਆਦਿ ਦੇ ਸਾਰੇ ਵਾਅਦਿਆਂ ਤੋਂ ਮੂੰਹ ਮੋੜ ਲਿਆ ਹੈ। ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਇਹ ਸੰਘਰਸ਼ ਵਿੱਢਿਆ ਗਿਆ ਹੈ। ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਸੀ ਐਲਾਨ: ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨਾਂ ਨੇ ਦਿੱਲੀ ਮੋਰਚਾ ਲਗਾਇਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਗਿਆ ਸੀ। ਇਸ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਗਏ ਸਨ। ਜੋ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਵਾਅਦਿਆਂ ਨੂੰ ਪੂਰਾ ਨਾ ਕਰਨ 'ਤੇ ਅੱਜ ਪੰਜਾਬ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਭਾਜਪਾ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ 18 ਨਵੰਬਰ ਨੂੰ ਪੰਜਾਬ ਦੇ 5 ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ।
ਇਹ ਵੀ ਪੜੋ: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ