ਬਰਨਾਲਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਤਾਰ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਪਰ ਮਜ਼ਦੂਰਾਂ ਦੀ ਘਾਟ ਅਤੇ ਘੱਟ ਬਿਜਲੀ ਸਪਲਾਈ ਕਾਰਨ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਕਰਕੇ ਅੱਜ ਝੋਨੇ ਦੀ ਬਿਜਾਈ ਲਈ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਬਰਨਾਲਾ ਦੇ ਪਾਵਰਕਾਮ ਐਕਸੀਅਨ ਦੇ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਦਿੱਤਾ ਗਿਆ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਸਰਕਾਰ ਹਮੇਸ਼ਾ ਹੀ ਕਿਸਾਨ ਵਿਰੋਧੀ ਨੀਤੀਆਂ ਬਣਾਉਂਦੀ ਆ ਰਹੀ ਹੈ। ਹੁਣ ਵੀ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਘੱਟ ਬਿਜਲੀ ਸਪਲਾਈ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।
ਸਰਕਾਰ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਕਿਸਾਨਾਂ ਦੀਆਂ ਖੇਤ ਮੋਟਰਾਂ ਤੇ ਬਿਜਲੀ ਬਿੱਲ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ ਅਤੇ ਬਿਜਲੀ ਬਿੱਲ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਂ ਬਿਜਲੀ ਨੀਤੀ ਤਹਿਤ ਬਿਜਲੀ ਵਿਭਾਗ ਪੂਰਨ ਤੌਰ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦੀ ਮਾਰ ਆਮ ਜਨਤਾ ਉੱਤੇ ਪਵੇਗੀ।
ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਜਿਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 16 ਘੰਟੇ ਨਿਰਵਘਨ ਬਿਜਲੀ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣੀ ਝੋਨੇ ਦੀ ਬਿਜਾਈ ਬਿਨਾਂ ਕਿਸੇ ਸਮੱਸਿਆ ਦੇ ਕਰ ਸਕਣ।