ਬਰਨਾਲਾ: ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਬਰਨਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਕਿਸਾਨ ਸੁਖਦੇਵ ਸਿੰਘ ਦੀ ਸੋਮਵਾਰ ਨੂੰ ਮੌਤ ਹੋ ਗਈ ਸੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ, ਪੂਰਨ ਕਰਜ਼ਾ ਮੁਆਫੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੀ ਮੰਗ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕੀਤੀ ਗਈ ਸੀ ਪਰ 5 ਦਿਨ ਬੀਤਣ 'ਤੇ ਇਨ੍ਹਾਂ ਮੰਗਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਧਿਆਨ ਨਾ ਦੇਣ ਉੱਤੇ ਕਿਸਾਨ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ ਕਰ ਕੇ ਧਰਨਾ ਲਗਾ ਦਿੱਤਾ ਗਿਆ।
ਕਿਸਾਨ ਆਗੂਆਂ ਜਰਨੈਲ ਸਿੰਘ ਬਦਰਾ, ਸੰਦੀਪ ਸਿੰਘ ਚੀਮਾ ਅਤੇ ਦਰਸ਼ਨ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੀ ਲੜਾਈ ਦੌਰਾਨ ਕਿਸਾਨ ਸੁਖਦੇਵ ਸਿੰਘ ਦੀ 4 ਦਿਨ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਜਥੇਬੰਦੀ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਦੀ ਮੁਆਵਜ਼ਾ ਰਾਸ਼ੀ, ਪੂਰਨ ਕਰਜ਼ਾ ਮੁਆਫੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ। 5 ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੰਗਾਂ ਲਈ ਕੋਈ ਗੱਲਬਾਤ ਕਿਸਾਨ ਜਥੇਬੰਦੀ ਨਾਲ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਅੱਜ ਬਰਨਾਲਾ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਨਾ ਪਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਲਗਾਤਾਰ ਕਿਸਾਨੀ ਸੰਘਰਸ਼ ਦੌਰਾਨ 44 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਜਿਸ ਲਈ ਸਿੱਧੇ ਤੌਰ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦਿੰਦਾ, ਉਨ੍ਹਾਂ ਸਮਾਂ ਕਿਸਾਨ ਜਥੇਬੰਦੀ ਦੇ ਪੱਕੇ ਮੋਰਚੇ ਡੀਸੀ ਦਫ਼ਤਰ ਅੱਗੇ ਲੱਗੇ ਰਹਿਣਗੇ।