ਬਰਨਾਲਾ: ਕਿਸਾਨਾਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬਰਨਾਲਾ ਵਿਖੇ ਉਨ੍ਹਾਂ ਦੇ ਬੁੱਤ ’ਤੇ ਫ਼ੁੱਲਾਂ ਦੇ ਹਾਰ ਪਾਉਂਦੇ ਹੋਏ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ। ਕਿਸਾਨਾਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਦਾ ਪੰਜਾਬ ਵਿੱਚ ਇੰਨ੍ਹਾਂ ਵਿਰੋਧ ਹੋਣ ਦੇ ਬਾਵਜੂਦ ਵੀ ਦੇਸ਼ ਦੇ ਰਾਸ਼ਟਰਪਤੀ ਨੇ ਖੇਤੀ ਬਿੱਲਾਂ ’ਤੇ ਦਸਤਖ਼ਤ ਕਰ ਖੇਤੀ ਬਿੱਲਾਂ ਨੂੰ ਕਾਨੂੰਨ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਖੇਤੀ ਬਿੱਲਾਂ ਉੱਤੇ ਦਸਤਖ਼ਤ ਨਹੀਂ ਕੀਤੇ ਉਸ ਨੇ ਕਿਸਾਨਾਂ ਦੀ ਮੌਤ ਦੇ ਵਾਰੰਟਾਂ ’ਤੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਬੁੱਤ ’ਤੇ ਹਾਰ ਪਾ ਉਨ੍ਹਾਂ ਨੂੰ ਸਮਰਪਿਤ ਹੋ ਕੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸਹੁੰ ਚੁੱਕੀ ਹੈ।
ਉਨ੍ਹਾਂ ਨੇ ਆਪਣੇ ਅਗਲੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਕਿਹਾ ਕਿ 1 ਅਕਤੂਬਰ ਤੋਂ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਇੱਕ ਮੰਚ ’ਤੇ ਇਕੱਠੀਆਂ ਹੋ ਕੇ ਇਨ੍ਹਾਂ ਖੇਤੀ ਬਿੱਲਾਂ ਵਿਰੁੱਧ ਪੱਕਾ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਜਾ ਰਹੀਆਂ ਹਨ। ਕਿਸੇ ਵੀ ਟਰੇਨ ਨੂੰ ਲੰਘਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਡੇ ਕਾਰਪੋਰੇਟ ਕੰਪਨੀਆਂ ਨਾਲ ਵੀ ਟੱਕਰ ਲਈ ਜਾਵੇਗੀ। ਜਿਸ ਤਹਿਤ ਸੌਪਿੰਗ ਮਾਲ, ਪੈਟਰੋਲ ਪੰਪ ਅਤੇ ਸਿੰਮ ਦਾ ਬਾਈਕਾਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਦਾ ਇਹ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ:ਲੋਕਾਂ ਨੇ ਰੋਹ ਅੱਗੇ ਝੁੱਕ ਕੇ ਬੀਬੀ ਬਾਦਲ ਨੇ ਛੱਡੀ ਕੇਂਦਰੀ ਵਜ਼ਾਰਤ: ਦੂਲੋਂ