ਬਰਨਾਲਾ: ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਨੂੰ ਲਗਾਉਣ ਦੀ ਪਰਿਕ੍ਰਿਆ ਤੇਜ਼ ਕਰ ਦਿੱਤੀ ਗਈ ਹੈ ਜਿਸਨੂੰ ਲੈ ਕੇ ਪ੍ਰੀਪੇਡ ਬਿਜਲੀ ਮੀਟਰਾਂ ਦੀ ਵਿਰੋਧਤਾ ਵੀ ਸਾਹਮਣੇ ਆ ਰਹੀ ਹੈ। ਇਸ ਦੇ ਚੱਲਦੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਉੱਤੇ ਕਿਸਾਨ ਸੰਗਠਨਾਂ ਦੁਆਰਾ ਵਿਰੋਧ ਜਤਾਇਆ ਜਾ ਰਿਹਾ ਹੈ ਅਤੇ ਬਿਜਲੀ ਮੀਟਰ ਨੂੰ ਉਤਾਰਕੇ ਗੁੱਸਾ ਵੀ ਜ਼ਾਹਿਰ ਕੀਤਾ (Farmers unload prepaid meters) ਜਾ ਰਿਹਾ ਹੈ।
ਇਸ ਵਿਰੋਧ ਦੌਰਾਨ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪਿੰਡ ਵਿੱਚ ਹੀ ਲਗਾਏ ਗਏ ਇੱਕ ਪ੍ਰੀਪੇਡ ਮੀਟਰ ਨੂੰ ਉਤਾਰ ਕੇ ਰੋਸ ਜਤਾਇਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਖਦਸ਼ਾ ਜਤਾਇਆ ਕਿ ਜੋ ਇਹ ਪੁੱਟਿਆ ਗਿਆ ਹੈ ਇਹ ਮੀਟਰ ਪ੍ਰੀਪੇਡ ਹੈ ਅਤੇ ਇਸ ਤਰੀਕੇ ਦੇ ਮੀਟਰ ਉਹ ਨਹੀਂ ਲੱਗਣ ਦੇਣਗੇ।
ਇਸ ਮੌਕੇ ਕਿਸਾਨ ਆਗੂਆਂ ਨੇ ਪ੍ਰੀਪੇਡ ਬਿਜਲੀ ਮੀਟਰਾਂ ਨੂੰ ਲੈਕੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲੱਗਣ ਨਹੀਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਕਿਸਾਨੀ ਰਾਜ ਹੈ ਅਤੇ ਇਸ ਰਾਜ ਵਿੱਚ ਪ੍ਰੀਪੇਡ ਬਿਜਲੀ ਮੀਟਰ ਹਰਗਿਜ਼ ਨਹੀਂ ਚੱਲ ਸਕਦੇ। ਕਿਸਾਨਾਂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਵੱਲੋਂ ਸਿੱਧੇ ਤੌਰ 'ਤੇ ਕਾਰਪੋਰੇਟ ਘਰਾਣਿਆਂ ਨੂੰ ਬਿਜਲੀ ਦੇਣ ਦੀ ਗੱਲ ਚੱਲ ਰਹੀ ਹੈ ਅਤੇ ਆਮ ਲੋਕਾਂ ਨੂੰ ਬਿਜਲੀ ਲਈ ਰਿਚਾਰਜ ਕਰਵਾਉਣਾ ਮੁਸ਼ਕਲ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਇਸਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਬਾਕੀ ਕਿਸਾਨ ਸੰਗਠਨਾਂ ਵੱਲੋਂ ਡਟਕੇ ਵਿਰੋਧ ਕੀਤਾ ਜਾਵੇਗਾ।ਗੁੱਸੇ ਵਿੱਚ ਆਏ ਕਿਸਾਨਾਂ ਨੇ ਕਿਹਾ ਕਿ ਇਸਦਾ ਜਵਾਬ ਪੰਜਾਬ ਸਰਕਾਰ ਅਤੇ ਪੰਜਾਬ ਦੇ ਨਵੇਂ ਬਣੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਦੇਣਾ ਹੋਵੇਗਾ।
ਇਹ ਵੀ ਪੜ੍ਹੋ: ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ