ਬਰਨਾਲਾ: ਲੋਹੜੀ ਦਾ ਤਿਉਹਾਰ ਦੁੱਲੇ ਭੱਟੀ ਕਿਸਾਨ ਨਾਲ ਜੁੜਿਆ ਹੋਇਆ ਇਤਿਹਾਸਕ ਤਿਉਹਾਰ ਹੈ। ਇਸ ਨੂੰ ਲੈ ਕੇ ਪੰਜਾਬ ਵਿੱਚ ਇਸ ਤਿਉਹਾਰ ਨੂੰ ਵੱਡੀ ਪੱਧਰ ’ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਚੱਲ ਰਿਹਾ ਹੈ। ਇਸ ਵਾਰ ਕਿਸਾਨਾਂ ਵੱਲੋਂ ਲੋਹੜੀ ਦੇ ਤਿਉਹਾਰ ਮੌਕੇ ਕੇਂਦਰੀ 3 ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਜਾਵੇਗਾ। ਕਿਸਾਨ ਜੱਥੇਬੰਦੀਆਂ ਵੱਲੋਂ ਇਸ ਤਰੀਕੇ ਲੋਹੜੀ ਦਾ ਤਿਉਹਾਰ ਮਨਾਉਣ ਲਈ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ
ਇਸ ਸਬੰਧੀ ਗੱਲਬਾਤ ਕਰਦਿਆਂ ਬਰਨਾਲਾ ਦੇ ਰੇਲਵੇ ਸਟੇਸ਼ਨ ਦੇ ਮੋਰਚੇ ’ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਦਾ ਲੋਹੜੀ ਦਾ ਤਿਉਹਾਰ ਧੂਣੀ ਵਿੱਚ ਕੇਂਦਰ ਸਰਕਾਰੀ ਦੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਜਾਵੇਗਾ। ਕਿਸਾਨ ਜੱਥੇਬੰਦੀਆਂ ਵੱਲੋਂ ਘਰ-ਘਰ ਜਾ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਮਚਾ ਕੇ ਲੋਹੜੀ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਇਸ ਕਰਕੇ ਲੋਹੜੀ ਦੀ ਅੱਗ ਵਿੱਚ ਤਿਲਾਂ ਦੀ ਥਾਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਨੂੰ ਲਾਹਨਤਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਸਾਡੇ ਹਰ ਤਿਉਹਾਰ ਇਸੇ ਤਰ੍ਹਾਂ ਰੋਸ ਵਜੋਂ ਮਨਾਏ ਜਾਣਗੇ।