ਬਰਨਾਲਾ: ਜ਼ਿਲ੍ਹੇ ਦੇ ਪਿੰਡ ਤਾਜੋਕੇ ਵਿੱਚ ਇੱਕ ਵਿਆਹੁਤਾ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮ੍ਰਿਤਕ ਵੱਲੋਂ ਸਹੁਰੇ ਪਰਿਵਾਰ 'ਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ, ਜੇਠਾਣੀ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮੌਤ ਤੋਂ ਪਹਿਲਾਂ ਬਣਾਈ ਵੀਡੀਓ: ਮੌਤ ਤੋਂ ਕੁਝ ਸਮਾਂ ਪਹਿਲਾਂ ਮ੍ਰਿਤਕ ਅਮਨਦੀਪ ਕੌਰ ਵੱਲੋਂ ਬਣਾਈ ਗਈ ਵੀਡੀਓ ਵਿੱਚ ਮ੍ਰਿਤਕਾ ਆਪਣੇ ਨਾਲ ਹੋਏ ਅੱਤਿਆਚਾਰ ਦੀ ਕਹਾਣੀ ਬਿਆਨ ਕਰਦੇ ਹੋਏ ਸਹੁਰਿਆਂ 'ਤੇ ਸਪਸ਼ਟ ਤੌਰ 'ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾ ਰਹੀ ਹੈ। ਵੀਡੀਓ ਵਿੱਚ ਕਿਸੇ ਨੂੰ ਸੰਬੋਧਨ ਕਰਦੇ ਹੋਏ ਸਹੁਰਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰ ਰਹੀ ਹੀ ਹੈ। ਮਰਦੇ ਸਮੇਂ ਮ੍ਰਿਤਕ ਆਪਣੇ ਬੇਟੇ ਦੀ ਪੜ੍ਹਾਈ ਨੂੰ ਲੈ ਕੇ ਚਿੰਤਤ ਨਜ਼ਰ ਆ ਰਹੀ ਸੀ ਅਤੇ ਉਸ ਨੂੰ ਚੰਗੀ ਤਰ੍ਹਾਂ ਪੜ੍ਹ ਕੇ ਪੁਲਿਸ ਅਫਸਰ ਬਣਾਉਣ ਦੀ ਗੱਲ ਮ੍ਰਿਤਕਾ ਵੱਲੋਂ ਵੀਡੀਓ 'ਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਕਈ ਸਾਲ ਪਹਿਲਾਂ ਜ਼ਿਲ੍ਹੇ ਦੇ ਪਿੰਡ ਤਾਜੋਕੇ ਵਿੱਚ ਬਲਬੀਰ ਸਿੰਘ ਪੁੱਤਰ ਬੂਟਾ ਸਿੰਘ ਨਾਲ ਹੋਇਆ ਸੀ, ਜਿਸਦਾ ਇੱਕ 5 ਸਾਲ ਦਾ ਪੁੱਤਰ ਵੀ ਹੈ। ਉਹਨਾਂ ਸਹੁਰੇ ਪਰਿਵਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮ੍ਰਿਤਕਾ ਨੂੰ ਸਹੁਰੇ ਪਰਿਵਾਰ ਵਲੋਂ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਮ੍ਰਿਤਕਾ ਦੇ ਪਤੀ, ਜੇਠ ਜੇਠਾਣੀ ਅਤੇ ਸਹੁਰੇ ਵੱਲੋਂ ਉਸ ਨਾਲ ਨੌਕਰਾਂ ਵਰਗਾ ਸਲੂਕ ਕੀਤਾ ਜਾਂਦਾ ਸੀ, ਪਰ ਮ੍ਰਿਤਕ ਅਮਨਦੀਪ ਕੌਰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਲਈ ਹਮੇਸ਼ਾ ਚੁੱਪ ਰਹਿੰਦੀ ਸੀ।
ਉਹਨਾਂ ਨੇ ਕਿਹਾ ਕਿ ਲਗਾਤਾਰ ਹੋ ਰਹੀ ਕੁੱਟਮਾਰ ਅਤੇ ਜ਼ਲੀਲ ਤੋਂ ਤੰਗ ਆ ਕੇ ਅਮਨਦੀਪ ਕੌਰ ਨੇ ਬੀਤੀ 12 ਜੁਲਾਈ ਨੂੰ ਘਰ ਵਿੱਚ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਸੀ। ਉਹਨਾਂ ਦੱਸਿਆ ਕਿ ਮ੍ਰਿਤਕਾ ਦੇ ਸਹੁਰੇ ਪਰਿਵਾਰ ਵੱਲੋਂ 3 ਦਿਨ ਤੱਕ ਕੀਟਨਾਸ਼ਕ ਦਵਾਈ ਦਾ ਨਾਮ ਨਹੀਂ ਦੱਸਿਆ ਗਿਆ, ਜਿਸ ਕਾਰਨ ਉਸ ਦਾ ਸਹੀ ਇਲਾਜ ਨਹੀਂ ਹੋ ਸਕਿਆ, ਜਿਸਦੀ ਅੱਜ ਮੌਤ ਹੋ ਗਈ ਹੈ। ਮ੍ਰਿਤਕ ਦੇ ਵਾਰਸਾਂ ਨੇ ਸਹੁਰੇ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਇਸ ਪੂਰੇ ਮਾਮਲੇ ਸਬੰਧੀ ਤਪਾ ਥਾਣੇ ਦੇ ਐਸ.ਐਚ.ਓ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਪਰਿਵਾਰ ਦੇ ਚਾਰ ਵਿਅਕਤੀਆਂ ਦੇ ਮ੍ਰਿਤਕਾ ਦੇ ਪਤੀ, ਮ੍ਰਿਤਕ ਜੇਠਾਣੀ ਅਤੇ ਸਹੁਰੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ: Weather Report: ਪੰਜਾਬ ’ਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ