ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਆਪਣੀ ਹੀ ਪਾਰਟੀ ਵੱਲੋਂ ਜਿੱਤੇ ਸਾਬਕਾ ਵਿਧਾਇਕ ਤੋਂ ਸਰਕਾਰ ਦਾ ਗਠਨ ਹੋਣ ਤੋਂ ਪਹਿਲਾਂ ਹੀ ਉਸ ਨੂੰ ਦਿੱਤੀ ਸੁਰੱਖਿਆ ਵਾਪਸ ਲੈ ਲਈ ਹੈ। ਉਨ੍ਹਾਂ ਕੋਲ ਇੱਕ ਕਮਾਂਡੋ ਤੇ ਇੱਕ ਪੰਜਾਬ ਪੁਲਿਸ ਦੇ ਕਰਮਚਾਰੀ ਸਮੇਤ ਕੁੱਲ ਦੋ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ ਜਿੰਨ੍ਹਾਂ ਨੂੰ ਹੁਣ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਪੰਜਾਬ ਵਿੱਚ ਵੱਡੀ ਲੀਡ ਨਾਲ ਬਹੁਮਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਬੇਸ਼ੱਕ ਅਜੇ ਪੰਜਾਬ ਵਿਚ ਸਰਕਾਰ ਨਹੀਂ ਬਣਾਈ ਹੈ।
ਪਰ ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਹੀ 2017 ਵਿੱਚ ਕਾਂਗਰਸ ਪਾਰਟੀ ਤੋਂ ਜੋਗਿੰਦਰ ਸਿੰਘ ਪੰਜਗਰਾਈਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਤ ਬਲਵੀਰ ਸਿੰਘ ਘੁੰਨਸ ਨੂੰ ਹਰਾ ਕੇ ਐੱਮ ਐੱਲ ਏ ਬਣੇ ਸਨ। ਉਸ ਤੋਂ ਬਾਅਦ ਕੇਜਰੀਵਾਲ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਛੱਡਣ ਵਾਲੇ ਸੁਖਪਾਲ ਸਿੰਘ ਖਹਿਰਾ ਦੇ ਨਾਲ ਜਾ ਖੜ੍ਹੇ ਹੋਏ ਸਨ ਅਤੇ ਕੁਝ ਸਮੇਂ ਬਾਅਦ ਸੁਖਪਾਲ ਸਿੰਘ ਖਹਿਰਾ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਉਸ ਤੋਂ ਥੋੜ੍ਹੇ ਸਮੇਂ ਬਾਅਦ ਹੀ ਕਾਂਗਰਸ ਹਾਈ ਕਮਾਂਡ ਵੱਲੋਂ ਹੋਈ ਉਥਲ ਪੁਥਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਛੱਡ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ ਸੀ ਅਤੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪਿਰਮਲ ਸਿੰਘ ਧੌਲਾ ਚਰਨਜੀਤ ਸਿੰਘ ਚੰਨੀ ਦੇ ਕਾਫ਼ੀ ਨਜ਼ਦੀਕੀਆਂ ਵਿੱਚੋਂ ਇਕ ਗਿਣੇ ਜਾਂਦੇ ਰਹੇ ਅਤੇ ਵਿਧਾਨ ਸਭਾ ਹਲਕਾ ਭਦੌੜ ਦੀ ਟਿਕਟ ਲਈ ਮੂਹਰਲੀ ਕਤਾਰ ਵਿੱਚ ਵੀ ਰਹੇ।
ਕਾਂਗਰਸ ਹਾਈ ਕਮਾਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਦੀ ਟਿਕਟ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਤੋਂ ਬਾਅਦ ਪਿਰਮਲ ਸਿੰਘ ਧੌਲਾ ਰੂਪੋਸ਼ ਵੀ ਹੋ ਗਏ ਸਨ ਪਰ ਪੰਜਾਬ ਵਿੱਚ ਬੀਤੀ 10 ਮਾਰਚ ਨੂੰ ਆਏ ਵੋਟਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲਣ ਤੋਂ ਬਾਅਦ ਨਿਰਪੱਖ ਸਰਕਾਰ ਬਣਨ ਨਾਲ ਪਿਛਲੇ ਸਮੇਂ ਆਮ ਆਦਮੀ ਪਾਰਟੀ ਛੱਡ ਕੇ ਗਏ ਵਰਕਰਾਂ ਅਤੇ ਵਿਧਾਇਕਾਂ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਮੁਲਾਜ਼ਮ ਵੀ ਸਰਕਾਰ ਨੇ ਵਾਪਸ ਲੈ ਲਏ ਹਨ।
ਇਹ ਵੀ ਪੜ੍ਹੋ:ਸਰਕਾਰ ਬਣਾਉਣ ਤੋਂ ਪਹਿਲਾਂ ਹੀ ਵਿਵਾਦਾਂ ’ਚ ਘਿਰੀ ’ਆਪ’!