ਬਰਨਾਲਾ : 3 ਦਸੰਬਰ ਨੂੰ ਪੂਰੇ ਵਿਸ਼ਵ ਭਰ ਵਿੱਚ ਸਰੀਰਕ ਅਤੇ ਦਿਮਾਗੀ ਤੌਰ ਤੇ ਕਮਜ਼ੋਰ ਬੱਚਿਆਂ ਨੂੰ ਸਮਰਪਿਤ ਵਿਸ਼ਵ ਦਿਵਿਆਂਗ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਸ ਦਿਵਸ ਨੂੰ ਸਮਰਪਿਤ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਦਿਵਿਆਂਗ ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਖੇਡ ਉਤਸਵ ਦਾ ਖ਼ੂਬ ਆਨੰਦ ਮਾਣਿਆ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਦਿਵਿਆਂਗ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜਿੰਦਗੀ ਵਿੱਚ ਅੱਗੇ ਵਧਣ ਦੀ ਸੋਚ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ 'ਤੇ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਬੱਚਿਆਂ ਲਈ ਟ੍ਰੇਨਿੰਗ ਅਤੇ ਵਰਕਸ਼ਾਪ ਵੀ ਲਗਾਈ ਜਾਂਦੀ ਹੈ। ਜਿਸ ਵਿੱਚ ਡਰਾਇੰਗ, ਪੇਟਿੰਗ, ਬਿਊਟੀ ਪਾਰਲਰ ਕੋਰਸ, ਮਕੈਨੀਕਲ ਕੋਰਸ ਆਦਿ ਕਈ ਤਰ੍ਹਾਂ ਦੇ ਕੋਰਸ ਬੱਚਿਆਂ ਨੂੰ ਕਰਵਾਏ ਜਾਂਦੇ ਹਨ।
ਇਸ ਮੌਕੇ ਬੱਚਿਆਂ ਨੇ ਆਪਣੀਆਂ ਭਾਵਨਾਵਾਂ ਵਿਅਕਤ ਕਰਦੇ ਹੋਏ ਦੱਸਿਆ ਕਿ ਉਹ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੁੰਦੇ ਹਨ ਅਤੇ ਵੱਡੇ ਹੋ ਕੇ ਵੱਡੇ ਅਧਿਕਾਰੀ ਬਣਨਾ ਚਾਹੁੰਦੇ ਹਨ ਅਤੇ ਸਮਾਜ ਦੀ ਸੇਵਾ ਕਰਨਾ ਚਾਹੁੰਦੇ ਹਨ।