ਬਰਨਾਲਾ : ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਭਰ ਵਿੱਚ ਐੱਸ ਸੀ/ਐੱਸ ਟੀ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਜ਼ਿਲ੍ਹਾ ਕੇਂਦਰਾਂ ਤੇ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਗਏ। ਬਰਨਾਲਾ ਵਿੱਚ ਆਪ ਦੇ ਹਲਕਾ ਵਿਧਾਇਕ ਮੀਤ ਹੇਅਰ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵੱਲੋਂ ਮੰਤਰੀ ਧਰਮਸੋਤ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ ਜ਼ਿਲ੍ਹਾ ਪੱਧਰ ਤੇ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ ਕਾਰਨ ਮੰਤਰੀ ਧਰਮਸੋਤ ਵੱਲੋਂ ਐਸ ਸੀ ਵਿਦਿਆਰਥੀਆਂ ਦੇ ਵਜ਼ੀਫਿਆਂ ਵਿੱਚ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਮਾਮਲਾ ਹੈ। ਮੰਤਰੀ ਧਰਮਸੋਤ ਵੱਲੋਂ ਕਰੋੜਾਂ ਰੁਪਏ ਐੱਸ ਸੀ ਵਿਦਿਆਰਥੀਆਂ ਦੇ ਵਜ਼ੀਫਿਆਂ ਦਾ ਗਬਨ ਕੀਤਾ ਗਿਆ ਹੈ। ਪ੍ਰੰਤੂ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਵੱਲੋਂ ਮੰਤਰੀ ਧਰਮਸੋਤ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਅਕਾਲੀ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵੀ ਐੱਸ ਸੀ ਵਿਦਿਆਰਥੀਆਂ ਦਾ ਕਰੋੜਾਂ ਰੁਪਿਆ ਖਾਧਾ ਗਿਆ ਸੀ ਅਤੇ ਚੋਣਾਂ ਵੇਲੇ ਕਾਂਗਰਸ ਪਾਰਟੀ ਨੇ ਰਣੀਕੇ ਵਿਰੁੱਧ ਕਾਰਵਾਈ ਦੀ ਗੱਲ ਆਖੀ ਸੀ। ਪਰ ਚੋਣਾਂ ਉਪਰੰਤ ਕਾਂਗਰਸ ਸਰਕਾਰ ਨੇ ਅਕਾਲੀ ਮੰਤਰੀ ਰਣੀਕੇ ਵਿਰੁੱਧ ਤਾਂ ਕੀ ਕਾਰਵਾਈ ਕਰਨੀ ਸੀ, ਬਲਕਿ ਹੁਣ ਖੁਦ ਕਾਂਗਰਸੀ ਮੰਤਰੀ ਐੱਸਸੀ ਭਾਈਚਾਰੇ ਦਾ ਹੱਕ ਮਾਰਨ ਲੱਗੇ ਹਨ।
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਆਪਣੇ ਮੰਤਰੀ ਨੂੰ ਐਸ ਆਈ ਟੀ ਰਾਹੀਂ ਕਲੀਨ ਚਿੱਟ ਦੇ ਦਿੱਤੀ ਹੈ। ਪਰ ਲੋਕਾਂ ਦੀ ਨਜ਼ਰ ਵਿੱਚ ਇਹ ਮੰਤਰੀ ਚੋਰ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਘੁਟਾਲਿਆਂ ਦਾ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਤੋਂ ਜਵਾਬ ਮੰਗਣਗੇ।
ਇਹ ਵੀ ਪੜ੍ਹੋ:Kotkapura Firing Case: ‘ਬੇਅਦਬੀ ਮਾਮਲੇ ’ਚ ਕੈਪਟਨ ਬਾਦਲਾਂ ਨੂੰ ਬਚਾ ਰਹੇ ਹਨ’