ਬਰਨਾਲਾ: ਪੰਜਾਬ ਵਿੱਚ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਨੇ ਅੱਖੋਂ ਓਹਲੇ ਕੀਤਾ ਹੋਇਆ ਹੈ। ਜਿਸ ਦੇ ਰੋਸ ਵੱਲੋਂ ਮਨਰੇਗਾ ਸਕੀਮ ਤਹਿਤ ਕੰਮ ਨਾ ਮਿਲਣ ਦੇ ਰੋਸ ਵਿੱਚ ਮਨਰੇਗਾ ਮਜ਼ਦੂਰਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਬਰਨਾਲਾ ਜਿਲ੍ਹੇ ਦੇ ਪਿੰਡ ਉਪਲੀ ਦੇ ਮਨਰੇਗਾ ਮਜ਼ਦੂਰਾਂ ਦਾ ਬੀਡੀਪੀਓ ਦਫ਼ਤਰ ਬਰਨਾਲਾ ਅੱਗੇ ਭੁੱਖ ਹੜਤਾਲ ਦਾ ਅੱਜ ਦੂਜਾ ਦਿਨ ਸੀ, ਜਿਸ ਤਹਿਤ ਮਜ਼ਦੂਰਾਂ ਨੇ ਧਰਨਾ ਪ੍ਰਦਰਸ਼ਨ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹਨਾਂ ਦੀ ਮੰਗ ਮਨਰੇਗਾ ਤਹਿਤ ਰੁਜ਼ਗਾਰ ਦੀ ਹੈ, ਜਦੋਂ ਤੱਕ ਮੰਗ ਪੂਰੀ ਨਹੀਂ ਹੁੰਦੀ, ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।
ਮਨਰੇਗਾ ਮਜ਼ਦੂਰਾਂ ਨੂੰ ਕੰਮ ਨਹੀਂ ਮਿਲਿਆ:- ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਮਜ਼ਦੂਰ ਆਗੂ ਸ਼ੇਰ ਸਿੰਘ ਫ਼ਰਵਾਹੀ, ਮਨਰੇਗਾ ਮਜ਼ਦੂਰਰ ਜਸਵੀਰ ਕੌਰ, ਮਨਜੀਤ ਕੌਰ ਅਤੇ ਪਰਮਵੀਰ ਕੌਰ ਨੇ ਕਿਹਾ ਕਿ ਨੇ ਦੱਸਿਆ ਕਿ ਮਨਰੇਗਾ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਪਿੰਡ ਉਪਲੀ ਦੇ ਮਨਰੇਗਾ ਮਜ਼ਦੂਰਾਂ ਵਲੋਂ ਬਲਾਕ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਨਰੇਗਾ ਮਜਦੂਰਾਂ ਨੂੰ ਬਣਦਾ ਕੰਮ ਨਹੀਂ ਦਿੱਤਾ ਜਾ ਰਿਹਾ। ਪਿੰਡ ਦੇ ਮਨਰੇਗਾ ਮਜ਼ਦੂਰਾਂ ਨੇ ਇਕੱਠੇ ਹੋ ਕੇ 31 ਮਾਰਚ ਨੂੰ ਇੱਕ ਮੰਗ ਪੱਤਰ ਦੇ ਕੇ ਕੰਮ ਦੇਣ ਦੀ ਮੰਗ ਕੀਤੀ ਸੀ। ਇਸ ਮੰਗ ਪੱਤਰ ਦੇ 15 ਦਿਨਾਂ ਅੰਦਰ ਮਜ਼ਦੂਰਾਂ ਨੂੰ ਕੰਮ ਮਿਲਣਾ ਚਾਹੀਦਾ ਸੀ। ਪਰ ਇਸਦੇ ਬਾਵਜੂਦ ਮਨਰੇਗਾ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ।
ਮਨਰੇਗਾ ਮਜ਼ਦੂਰ ਕੰਮ ਨਾ ਮਿਲਣ ਕਾਰਨ ਪ੍ਰੇਸ਼ਾਨ:- ਉਹਨਾਂ ਕਿਹਾ ਕਿ ਪਿਛਲੇ ਕਰੀਬ ਡੇਢ ਮਹੀਨੇ ਤੋਂ ਮਜ਼ਦੂਰ ਕੰਮ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ, ਜਿਸ ਕਾਰਨ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਹੋਣ ਦਾ ਡਰ ਹੈ। ਮਜ਼ਦੂਰਾਂ ਨੇ ਕਿਹਾ ਕਿ ਮਨਰੇਗਾ ਤਹਿਤ ਮਿਲਣ ਵਾਲੀ ਦਿਹਾੜੀ ਨਾਲ ਹੀ ਉਹਨਾਂ ਦੇ ਘਰ ਚੱਲਦੇ ਹਨ। ਬੱਚਿਆਂ ਦੀ ਪੜ੍ਹਾਈ ਵੀ ਇਸੇ ਨਾਲ ਹੀ ਕਰਵਾਈ ਜਾਣੀ ਹੈ। ਪਰ ਉਹਨਾਂ ਨੂੰ ਸਰਕਾਰ ਵਲੋਂ ਬਣਦਾ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਜਿਸ ਕਰਕੇ ਸੰਘਰਸ਼ ਦਾ ਰਸਤਾ ਅਪਨਾਉਣਾ ਪੈ ਰਿਹਾ ਹੈ।
ਮਨਰੇਗਾ ਮਜ਼ਦੂਰਾਂ ਦਾ ਸੰਘਰਸ਼ ਜਾਰੀ ਰਹੇਗਾ:- ਉਹਨਾਂ ਕਿਹਾ ਕਿ ਇਸੇ ਰੋਸ ਦੇ ਸਬੰਧ ਵਿੱਚ ਮਨਰੇਗਾ ਮਜ਼ਦੂਰਾਂ ਨੇ ਭੁੱਖ ਹੜਤਾਲ ਕਰਕੇ ਆਪਣਾ ਸੰਘਰਸ਼ ਸ਼ੁਰੂ ਕੀਤਾ ਹੈ। ਜਿਸ ਤਹਿਤ ਮਨਰੇਗਾ ਮਜ਼ਦੂਰ ਅੱਜ ਦੂਜੇ ਦਿਨ ਭੁੱਖ ਹੜਤਾਲ ਤੇ ਬੈਠੇ ਹਨ। ਉਹਨਾਂ ਕਿਹਾ ਕਿ ਰੋਜ਼ਾਨਾ ਪੰਜ ਮਨਰੇਗਾ ਮਜ਼ਦੂਰ ਭੁੱਖ ਹੜਤਾਲ ਉਪਰ ਬੈਠਣਗੇ। ਉਹਨਾਂ ਕਿਹਾ ਕਿ ਮਨਰੇਗਾ ਦੇ 85 ਮਜ਼ਦੂਰਾਂ ਨੂੰ ਰੈਗੂਲਰ ਮਨਰੇਗਾ ਤਹਿਤ ਕੰਮ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜਿਨਾਂ ਸਮਾਂ ਮੰਗ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।