ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ ਹਰ ਪਾਸਿਆਂ ਤੋਂ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੀ ਮਦਦ ਕਰ ਰਿਹਾ ਹੈ। ਉਥੇ ਪ੍ਰਵਾਸੀ ਪੰਜਾਬੀਆਂ ਵੱਲੋਂ ਵੱਡੀ ਆਰਥਿਕ ਮਦਦ ਭੇਜੀ ਜਾ ਰਹੀ ਹੈ। ਜ਼ਿਲ੍ਹੇ ਦੇ ਪਿੰਡ ਸ਼ਹਿਣਾ ਦੇ ਪ੍ਰਵਾਸੀ ਪੰਜਾਬੀਆਂ ਵੱਲੋਂ 4 ਲੱਖ 70 ਹਜ਼ਾਰ ਰੁਪਏ ਦੀ ਵਿੱਤੀ ਮੱਦਦ ਕਿਸਾਨ ਸੰਘਰਸ਼ ਲਈ ਭੇਜੀ ਗਈ ਹੈ। ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਇਹ ਰਾਸ਼ੀ ਭੇਜੀ ਜਾ ਰਹੀ ਹੈ। ਸ਼ਹਿਣਾ ਦੀ ਪੰਚਾਇਤ ਵੱਲੋਂ ਪ੍ਰਵਾਸੀ ਪੰਜਾਬੀਆਂ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਣਾ ਦੇ ਸਮਾਜ ਸੇਵੀ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਜ਼ਿਲ੍ਹੇ ਦੇ 4 ਕਿਸਾਨ ਸ਼ਹੀਦ ਹੋਏ ਹਨ। ਜਿਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਸ਼ਹਿਣਾ ਦੇ ਐਨਆਰਆਈ ਅੱਗੇ ਆਏ ਹਨ। ਐਨਆਰਆਈਜ਼ ਵੱਲੋਂ 4 ਲੱਖ 70 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਜੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਪ੍ਰਤੀ ਪਰਿਵਾਰ ਨੂੰ 1 ਲੱਖ ਰੁਪਏ ਮਦਦ ਦਿੱਤੀ ਗਈ ਹੈ। ਸ਼ਹਿਣਾ ਦੀ ਗ੍ਰਾਮ ਪੰਚਾਇਤ ਵੱਲੋਂ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਇਹ ਮਦਦ ਦਿੱਤੀ ਗਈ ਹੈ। ਉਨ੍ਹਾਂ ਮਦਦ ਭੇਜਣ ਵਾਲੇ ਐਨਆਰਆਈਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਦਦ ਅੱਗੇ ਵੀ ਜਾਰੀ ਰਹੇਗੀ।
ਉੱਧਰ, ਇਸ ਮੌਕੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੇ ਮਦਦ ਦੇਣ ਵਾਲੇ ਪ੍ਰਵਾਸੀ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਕਾਲੇ ਕਾਨੂੰਨ ਰੱਦ ਹੋਣਗੇ ਅਤੇ ਕਿਸਾਨਾਂ ਦੀ ਜਿੱਤ ਹੋਵੇਗੀ।