ਬਰਨਾਲਾ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਲਈ ਜ਼ਿਮਨੀ ਚੋਣ ਦੇ ਐਲਾਨ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਹਰੀਸ਼ ਨਈਅਰ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 23 ਜੂਨ ਨੂੰ ਪੈਣਗੀਆਂ, ਜਿਸ ਵਿੱਚ ਜ਼ਿਲ੍ਹਾ ਬਰਨਾਲਾ ਨਾਲ ਸਬੰਧਿਤ 5,00659 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਨਾਂ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਅਧੀਨ ਆਉਂਦੇ ਜ਼ਿਲ੍ਹਾ ਬਰਨਾਲਾ ਵਿੱਚ ਤਿੰਨ ਹਲਕੇ ਭਦੌੜ-102, ਬਰਨਾਲਾ-103 ਤੇ ਮਹਿਲ ਕਲਾਂ-104 ਪੈਂਦੇ ਹਨ।
ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ 30 ਮਈ 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ 6 ਜੂਨ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 7 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਤੇ 9 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਇਸ ਮੌਕੇ ਉਨਾਂ ਕੰਟਰੋਲ ਰੂਮ ਸਥਾਪਿਤ ਕਰਨ, ਸੀ ਵਿਜਿਲ, ਉਡਣ ਦਸਤੇ, ਸਟੈਟਿਕ ਸਰਵੀਲੈਂਸ ਟੀਮ, ਵੀਡੀਓ ਸਰਵੀਲੈਂਸ ਤੇ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਤੁਰੰਤ ਗਠਿਤ ਕਰਨ ਅਤੇ ਮਿੱਥੇ ਸਮੇਂ ਅੰਦਰ ਪ੍ਰਚਾਰ ਸਮੱਗਰੀ ਹਟਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਲੱਖਾਂ ਲੋਕਾਂ ਦੇ ਘਰ ਬਣਾਉਣ ਦੇ ਸੁਪਨੇ ’ਤੇ ਗ੍ਰਹਿਣ ਲੱਗਣ ਦੇ ਆਸਾਰ !